ਆਤਿਸ਼ ਗੁਪਤਾ
ਚੰਡੀਗੜ੍ਹ, 21 ਸਤੰਬਰ
ਪੰਜਾਬ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਆਸਟਰੇਲੀਆ ਦੀ ਇਕ ਕੰਪਨੀ ਮੈਸਰਜ਼ ਕੰਟੀਨਿਊਮ ਐਨਰਜੀ ਦੇ ਅਧਿਕਾਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ’ਤੇੇ ਮੀਟਿੰਗ ਕੀਤੀ। ਇਸ ਦੌਰਾਨ ਕੰਪਨੀ ਅਧਿਕਾਰੀਆਂ ਵੱਲੋਂ ਮਿਉਂਸਿਪਲ ਠੋਸ ਰਹਿੰਦ-ਖੂੰਹਦ ਦੀ ਵਿਗਿਆਨਕ ਪ੍ਰਕਿਰਿਆ ਲਈ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਗਈ। ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮਿਉਂਸਿਪਲ ਠੋਸ ਰਹਿੰਦ-ਖੂੰਹਦ ਨਾਲ ਨਜਿੱਠਣ ਲਈ ਯਤਨ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਉਕਤ ਕੰਪਨੀ ਨਾਲ ਮਿਲਕੇ ਠੋਸ ਰਹਿੰਦ-ਖੂੰਹਦ ਨੂੰ ਈਕੋ-ਫਿਊਲ ਵਿੱਚ ਤਬਦੀਲ ਕਰਨ ਸਬੰਧੀ ਪ੍ਰਾਜੈਕਟ ਦੇ ਵੇਰਵਿਆਂ ਦਾ ਅਧਿਐਨ ਕਰੇ। ਇਸ ਦੇ ਨਾਲ ਹੀ ਸ੍ਰੀ ਮਾਨ ਨੇ ਕੰਪਨੀ ਅਧਿਕਾਰੀਆਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮਿਲ ਕੇ ਈਕੋ ਫਿਊਲ ਨਾਲ ਪੈਦਾ ਹੋਣ ਵਾਲੇ ਪਦਾਰਥਾਂ ਦੀ ਜਾਂਚ ਕਰਨ ਵੀ ਆਖਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਮੇਂ ਦੀ ਲੋੜ ਹੈ। ਈਕੋ-ਫਿਊਲ ਦੀ ਵਰਤੋਂ ਪਾਵਰ ਸਟੇਸ਼ਨਾਂ ਅਤੇ ਭੱਠਿਆਂ ਵਿੱਚ ਕੋਲੇ, ਭਾਰੀ ਈਂਧਣ, ਡੀਜ਼ਲ, ਗੈਸ, ਉੱਚ ਕਾਰਬਨ ਤੇ ਮਹਿੰਗੇ ਈਂਧਨ ਸਰੋਤਾਂ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਕੰਪਨੀ ਨੇ ਸ਼ੁਰੂਆਤੀ ਤੌਰ ’ਤੇ 1000 ਟਨ ਪ੍ਰਤੀ ਦਿਨ ਤਾਜ਼ੇ ਮਿਉਂਸਿਪਲ ਠੋਸ ਰਹਿੰਦ-ਖੂੰਹਦ ਨੂੰ ਈਕੋ-ਫਿਊਲ ਵਾਸਤੇ ਬਦਲਣ ਲਈ ਪੰਜਾਬ ’ਚ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਪ੍ਰਗਟ ਕੀਤੀ ਹੈ।