ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਸਤੰਬਰ
ਪੰਜਾਬ ਸਰਕਾਰ ਨੇ ਸਾਉਣੀ ਸੀਜ਼ਨ ਵਿਚ ਪਰਾਲੀ ਸਾੜੇ ਜਾਣ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਪੰਜਾਬ ਵਿਚ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਲਈ ਅੱਠ ਹਜ਼ਾਰ ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ 23500 ਹੋਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ ਕਿਉਂ ਜੋ ਇਸ ਨਾਲ ਪ੍ਰਦੂਸ਼ਣ ਫੈਲਣ ਦੇ ਨਾਲ-ਨਾਲ ਕੋਵਿਡ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਈ ਵਾਰ ਇਹ ਮੰਗ ਉਠਾਈ ਹੈ ਕਿ ਪਰਾਲੀ ਦਾ ਨਿਪਟਾਰਾ ਕਰਨ ਉਪਰ ਆਉਂਦੇ ਖਰਚੇ ਦੀ ਭਰਪਾਈ ਕੀਤੀ ਜਾਵੇ।