ਸੰਜੀਵ ਹਾਂਡਾ
ਫ਼ਿਰੋਜ਼ਪੁਰ, 3 ਫ਼ਰਵਰੀ
ਫ਼ਿਰੋਜ਼ਪੁਰ ਅਤੇ ਗੁਰੂਹਰਸਹਾਏ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹ ਅੱਜ ਇੱਥੇ ਨਗਰ ਨਿਗਮ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਨਾਲ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਭਰਵਾਉਣ ਆਏ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਬੀਤੇ ਦਿਨ ਫ਼ਾਜ਼ਿਲਕਾ ਵਿੱਚ ਆਪਣੇ ’ਤੇ ਹੋਏ ਹਮਲੇ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਪੁਲੀਸ ਤੇ ਸਿਵਲ ਪ੍ਰਸ਼ਾਸਨ ਕਾਂਗਰਸ ਦੇ ਚੋਣ ਏਜੰਟਾਂ ਵਜੋਂ ਕੰਮ ਕਰ ਰਹੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਸੂਬਾ ਚੋਣ ਕਮਿਸ਼ਨ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਰਿਹਾ, ਜਿਸ ਨੂੰ ਸੂਬੇ ਵਿੱਚ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਤੁਰੰਤ ਪੈਰਾ ਮਿਲਟਰੀ ਫੋਰਸ ਤਾਇਨਾਤ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸ਼੍ਰੋਮਣੀ ਅਕਾਲੀ ਦਲ ਇੱਕ ਜੁਡੀਸ਼ਲ ਕਮਿਸ਼ਨ ਸਥਾਪਿਤ ਕਰੇਗਾ, ਜਿਸ ਨੂੰ ਕਾਂਗਰਸ ਦੇ ਕਾਰਜਕਾਲ ਵੇਲੇ ਦਰਜ ਹੋਏ ਝੂਠੇ ਕੇਸਾਂ ਦੀ ਪੜਤਾਲ ਕਰਨ ਦੇ ਨਾਲ ਨਾਲ ਉਨ੍ਹਾਂ ਸਿਵਲ ਤੇ ਪੁਲੀਸ ਅਧਿਕਾਰੀਆਂ ਦੇ ਰਵੱਈਏ ਦੀ ਪੜਤਾਲ ਕਰਨ ਲਈ ਆਖਿਆ ਜਾਵੇਗਾ, ਜੋ ਗ਼ਲਤ ਕੰਮ ਵਿੱਚ ਹਿੱਸਾ ਬਣੇ। ਇਸ ਮੌਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਵਰਦੇਵ ਸਿੰਘ ਨੋਨੀ ਮਾਨ ਸ਼ਾਮਲ ਸਨ।
ਚੰਡੀਗੜ੍ਹ (ਦਵਿੰਦਰ ਪਾਲ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਥੇ ਕਿਹਾ ਕਿ ਮਿਉਂਸਿਪਲ ਚੋਣਾਂ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਸਬੰਧੀ ਆਪਣਾ ਫਰਜ਼ ਨਿਭਾਉਣ ’ਚ ਸੂਬਾ ਚੋਣ ਕਮਿਸ਼ਨ ਅਸਫਲ ਸਿੱਧ ਹੋਇਆ ਹੈ ਤੇ ਇਸ ਨੂੰ ਤੁਰੰਤ ਸਮੇਟਿਆ ਜਾਣਾ ਚਾਹੀਦਾ ਹੈ। ਸੂਬਾ ਚੋਣ ਕਮਿਸ਼ਨ ਦੇ ਕਮਿਸ਼ਨਰ ਜਗਪਾਲ ਸਿੰਘ ਸੰਧੂ ਨਾਲ ਮੁਲਾਕਾਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਪਾਲ ਸੰਧੂ ਸੂਬੇ ਦੇ ਖ਼ਜ਼ਾਨੇ ’ਤੇ ਬੋਝ ਸਾਬਤ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੇ ਅਕਾਲੀ ਆਗੂਆਂ ’ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਕੋਈ ਵੀ ਕਾਰਵਾਈ ਕਰਨ ਤੋਂ ਅਸਮਰੱਥਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸੰਧੂ ਨੇ ਇਸ ਮਾਮਲੇ ਵਿੱਚ ਰਿਪੋਰਟ ਤਲਬ ਕਰਨ ਦਾ ਭਰੋਸਾ ਦਿੱਤਾ ਸੀ। ਅੱਜ ਉਨ੍ਹਾਂ ਕਿਹਾ ਕਿ ਹਾਲੇ ਕੋਈ ਰਿਪੋਰਟ ਨਹੀਂ ਆਈ, ਉਹ ਸਿਰਫ ਰਿਪੋਰਟ ਭੇਜਣ ਵਾਸਤੇ ਸੁਨੇਹਾ ਹੀ ਭੇਜ ਸਕਦੇ ਹਨ। ਚੀਮਾ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਰਾਜ ਭਵਨ ’ਚੋਂ ਬਾਹਰ ਆ ਕੇ ਸੂਬੇ ਦੇ ਹਾਲਾਤ ਦਾ ਜਾਇਜ਼ਾ ਲੈਣ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਜ਼ੀਰਾ ਵਿੱਚ ਅਕਾਲੀ ਉਮੀਦਵਾਰਾਂ ਨਾਲ ਹੋਏ ਧੱਕੇ ਦਾ ਵੀ ਨੋਟਿਸ ਲਿਆ। ਸ਼੍ਰੋਮਣੀ ਅਕਾਲੀ ਦਲ ਨੇ ਜਲਾਲਾਬਾਦ ’ਚ ਵਾਪਰੀ ਘਟਨਾ ਦੇ ਮੁਲਜ਼ਮਾਂ ਨੂੰ ਸੂਬੇ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਹਿ ਹੋਣ ਦੇ ਦੋਸ਼ ਲਾਏ ਹਨ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਕਿ ਜਲਾਲਾਬਾਦ ਘਟਨਾ ਸਬੰਧੀ ਉਨ੍ਹਾਂ ਨੇ ਕੀ ਕਾਰਵਾਈ ਕੀਤੀ ਹੈ।
ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਜਲਾਲਾਬਾਦ ਦੇ ਤਹਿਸੀਲ ਕੰਪਲੈਕਸ ’ਚ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੌਰਾਨ ਬੀਤੇ ਦਿਨ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਹੋਈ ਹਿੰਸਕ ਝੜਪ ਮਗਰੋਂ ਥਾਣਾ ਸਿਟੀ ਪੁਲੀਸ ਨੇ ਕਾਂਗਰਸ ਨਾਲ ਸਬੰਧਤ 50-60 ਅਣਪਛਾਤਿਆਂ ਖ਼ਿਲਾਫ਼ ਤੇ ਅਕਾਲੀ ਦਲ ਦੇ 3 ਨਾਮਜ਼ਦਾਂ ਤੋਂ ਇਲਾਵਾ 5-6 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਦਿਨ ਆਪਣੇ ਉਮੀਦਵਾਰਾਂ ਤੇ ਵਰਕਰਾਂ ਨਾਲ ਤਹਿਸੀਲ ਕੰਪਲੈਕਸ ’ਚ ਨਾਮਜ਼ਦਗੀਆਂ ਭਰਨ ਪੁੱਜੇ ਸਨ, ਜਿਸ ਦੌਰਾਨ ਕਾਂਗਰਸ ਦੇ ਵਰਕਰਾਂ ਨਾਲ ਝੜਪ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ ਸੀ। ਇਸ ਮਾਮਲੇ ਦੀ ਜਾਂਚ ਐੱਸਆਈ ਮਲਕੀਤ ਸਿੰਘ ਕਰ ਰਹੇ ਹਨ।
ਸੁਖਬੀਰ ਨੇ ਹਸਪਤਾਲ ਵਿੱਚ ਜ਼ਖ਼ਮੀ ਵਰਕਰਾਂ ਦਾ ਹਾਲ ਪੁੱਛਿਆ
ਫਰੀਦਕੋਟ (ਜਸਵੰਤ ਸਿੰਘ ਜੱਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਜਲਾਲਾਬਾਦ ਵਿੱਚ ਵਾਪਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਦੋ ਪਾਰਟੀ ਵਰਕਰਾਂ ਦਾ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਹਾਲ ਪੁੱਛਿਆ। ਇਸ ਦੌਰਾਨ ਜ਼ਖ਼ਮੀ ਹੋਏ ਪਿੰਡ ਚੁੱਘੇ ਦੇ ਸੋਨੂ ਸਿੰਘ ਅਤੇ ਪਿੰਡ ਚੱਕ ਜਨੀਸਰ ਦੇ ਗੁਰਸੇਵਕ ਸਿੰਘ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਡਾਕਟਰਾਂ ਨੇ ਸੁਖਬੀਰ ਨੂੰ ਦੱਸਿਆ ਕਿ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ।
ਅਕਾਲੀ ਦਲ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਾਮਜ਼ਦਗੀਆਂ ਦਾਖਲ
ਭਿੱਖੀਵਿੰਡ (ਨਰਿੰਦਰ ਸਿੰਘ): ਨਗਰ ਪੰਚਾਇਤ ਚੋਣਾਂ ਸਬੰਧੀ ਬੀਤੇ ਦਿਨ ਹੋਈ ਝੜਪ ਤੋਂ ਬਾਅਦ ਅੱਜ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਦੌਰਾਨ ਜਿੱਥੇ ਐੱਸਐੱਸਪੀ ਧਰੁਮਨ ਐੱਚ ਨਿੰਬਲੇ ਪੁਲੀਸ ਟੀਮ ਦੀ ਅਗਵਾਈ ਕਰਦੇ ਨਜ਼ਰ ਆਏ, ਉਥੇ ਹੀ ਕਮਾਂਡੋ ਦਸਤੇ ਵੀ ਤਾਇਨਾਤ ਰਹੇ। ਸਿਵਲ ਪ੍ਰਸ਼ਾਸਨ ਵੱਲੋਂ ਏਡੀਸੀ ਜਨਰਲ ਜਗਵਿੰਦਰਪਾਲ ਸਿੰਘ ਅਤੇ ਤਰਨ ਤਾਰਨ ਦੇ ਐੱਸਡੀਐੱਮ ਰਜਨੀਸ਼ ਅਰੋੜਾ ਮੌਕੇ ’ਤੇ ਹਾਜ਼ਰ ਸਨ। ਐੱਸਐੱਸਪੀ ਧਰੁਮਨ ਐੱਚ ਨਿੰਬਲੇ ਨੇ ਕਿਹਾ ਕਿ ਅੱਜ ਵਾਰੋ-ਵਾਰੀ ਸਾਰੇ ਉਮੀਦਵਾਰਾਂ ਦੇ ਫਾਰਮ ਭਰਵਾਏ ਗਏ ਹਨ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਮੰਗ ਕੀਤੀ ਕਿ ਵੋਟਾਂ ਤਕ ਭਿੱਖੀਵਿੰਡ ਵਿੱਚ ਅਰਧ ਸੈਨਿਕ ਬਲ ਤਾਇਨਾਤ ਕੀਤਾ ਜਾਵੇ, ਤਾਂ ਜੋ ਸ਼ਹਿਰ ਵਿੱਚ ਸ਼ਾਂਤੀ ਬਹਾਲ ਰੱਖੀ ਜਾ ਸਕੇ।