ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੋਣ ਕਮਿਸ਼ਨ ‘ਆਪ’ ਦੀ ਮਾਨਤਾ ਰੱਦ ਕਰੇ: ਬਾਦਲ

ਸਿਸੋਦੀਆ ਖ਼ਿਲਾਫ਼ ਕਾਰਵਾਈ ਮੰਗੀ
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਭ੍ਰਿਸ਼ਟ, ਗੈਰ ਸੰਵਿਧਾਨਕ ਤੇ ਗ਼ੈਰਕਾਨੂੰਨੀ ਢੰਗ ਨਾਲ ਲੜ ਕੇ ਸੂਬੇ ਵਿੱਚ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ। ਹਾਲਾਂਕਿ ਸ੍ਰੀ ਬਾਦਲ ਪਹਿਲਾਂ ਹੀ ਚੋਣ ਕਮਿਸ਼ਨ ਤੋਂ ਇਹ ਮੰਗ ਕਰ ਚੁੱਕੇ ਹਨ, ਪਰ ਅੱਜ ਉਨ੍ਹਾਂ ਨੇ ਰਸਮੀ ਤੌਰ ’ਤੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ‘ਆਪ’ ਦੀ ਮਾਨਤਾ ਰੱਦ ਕਰਨ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਸ੍ਰੀ ਬਾਦਲ ਨੇ ਪੱਤਰ ਵਿੱਚ ਲਿਖਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਹਾਲ ਹੀ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਭਗਵੰਤ ਮਾਨ ਅਤੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪਾਰਟੀ ਵਰਕਰਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭ੍ਰਿਸ਼ਟ ਤੇ ਹਿੰਸਕ ਤਰੀਕੇ ਵਰਤਣ ਲਈ ਉਕਸਾਇਆ। ਅਜਿਹੇ ਭਾਸ਼ਣ ਲਈ ਮਨੀਸ਼ ਸਿਸੋਦੀਆ ਵਿਰੁੱਧ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਇਸ ਵੇਲੇ ਭ੍ਰਿਸ਼ਟਾਚਾਰ ਦੇ ਕਥਿਤ ਮਾਮਲੇ ਵਿੱਚ ਜ਼ਮਾਨਤ ’ਤੇ ਬਾਹਰ ਆਏ ਹੋਏ ਹਨ। ਉਨ੍ਹਾਂ ਸਬੰਧਤ ਅਦਾਲਤ ਤੋਂ ਸਿਸੋਦੀਆਂ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਨੂੰ ਸਿਸੋਦੀਆ ਵਿਰੁੱਧ ਤੁਰੰਤ ਬਣਦੀ ਕਾਰਵਾਈ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਵੱਲੋਂ ਪਿਛਲੇ ਦਿਨੀਂ ਪਾਰਟੀ ਵਰਕਰਾਂ ਨਾਲ ਮੀਟਿੰਗ ਦੌਰਾਨ ਅਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਲਈ ‘ਸਾਮ, ਦਾਮ, ਦੰਡ, ਭੇਦ, ਸੱਚ-ਝੂਠ ਸਣੇ ਹਰ ਹਰਬਾ’ ਵਰਤਣ ਦੀ ਗੱਲ ਕਹੀ ਹੈ, ਜਿਸ ਦਾ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਵਿਰੋਧੀਆਂ ਨੇ ਰਾਈ ਦਾ ਪਹਾੜ ਬਣਾਇਆ: ਅਮਨ ਅਰੋੜਾ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਮਨੀਸ਼ ਸਿਸੋਦੀਆ ਦੇ ਬਚਾਅ ਵਿੱਚ ਨਿੱਤਰ ਆਏ ਹਨ। ਸ੍ਰੀ ਅਰੋੜਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ਼ ਸਿਸੋਦੀਆਂ ਦੇ ਬਿਆਨਾਂ ਬਾਰੇ ਕਿਹਾ ਕਿ ਇਸ ਨੂੰ ਵਿਰੋਧੀ ਪਾਰਟੀਆਂ ਨੇ ਰਾਈ ਦਾ ਪਹਾੜ ਬਣਾ ਦਿੱਤਾ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਪੁੱਛਿਆ ਕਿ ਮਨੀਸ਼ ਸਿਸੋਦੀਆ ਦੇ ਬੋਲਣ ਕਰਕੇ ਕੋਈ ਗੱਲ ਸਾਹਮਣੇ ਆ ਗਈ ਹੈ, ਪਰ ਪਿਛਲੇ ਸਮੇਂ ਵਿੱਚ ਕਿਹੜੀ ਪਾਰਟੀ ਦੇ ਕਿਹੜੇ ਆਗੂ ਨੇ ਕਿਹੜੀ ਕਸਰ ਛੱਡੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਗੱਲ ਮੂੰਹੋਂ ਕਹੀ ਜਾਂਦੀ ਹੈ ਤਾਂ ਉਹ ਫੜੀ ਜਾਂਦੀ ਹੈ। ਪਿਛਲੀਆਂ ਸਰਕਾਰਾਂ ਦੇ ਸਮੇਂ ਪਿਛਲੀਆਂ ਪਾਰਟੀਆਂ ਨੇ ਜੋ ਕੁਝ ਕੀਤਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ।

Advertisement

ਕਾਂਗਰਸੀ ਵਿਧਾਇਕ ਖਹਿਰਾ ਨੇ ਸਿਸੋਦੀਆ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿੱਖ ਕੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਖਹਿਰਾ ਨੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਸਿਸੋਦੀਆ ਦੀ ਇਹ ਟਿੱਪਣੀਆਂ ਅਨੈਤਿਕ ਤੇ ਗੈਰ-ਕਾਨੂੰਨੀ ਤਰੀਕਿਆਂ ਦੀ ਵਕਾਲਤ ਕਰਦੀਆਂ ਹਨ। ਇਸ ਤਰ੍ਹਾਂ ਦੇ ਬਿਆਨ ਚੋਣ ਪ੍ਰਣਾਲੀ ਵਿੱਚ ਜਨਤਕ ਵਿਸ਼ਵਾਸ ਨੂੰ ਖਤਮ ਕਰਨ ਅਤੇ ਵੋਟਰਾਂ ਨੂੰ ਡਰਾਉਣ ਦਾ ਕੰਮ ਕਰਦੇ ਹਨ, ਜਿਸ ਨਾਲ ਲੋਕਤੰਤਰ ਦੀ ਬੁਨਿਆਦ ਹੀ ਕਮਜ਼ੋਰ ਹੋ ਜਾਂਦੀ ਹੈ।

Advertisement