ਪੰਜਾਬ ਦੇ ਪੰਜ ਵੱਡੇ ਸ਼ਹਿਰਾਂ ’ਚ ਚੱਲਣਗੀਆਂ ਇਲੈਕਟ੍ਰਿਕ ਬੱਸਾਂ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਕਦਮ ਚੁੱਕਦਿਆਂ ਡੀਜ਼ਲ ਬੱਸਾਂ ਨੂੰ ਇਲੈਕਟ੍ਰਿਕ ਬੱਸਾਂ ਵਿੱਚ ਤਬਦੀਲ ਕੀਤਾ ਜਾਵੇਗਾ। ਸੂਬਾ ਸਰਕਾਰ ਵੱਲੋਂ ਇਲੈਕਟ੍ਰਿਕ ਬੱਸਾਂ ਚਲਾਉਣ ਦੀ ਸ਼ੁਰੂਆਤ ਪੰਜ ਵੱਡੇ ਸ਼ਹਿਰਾਂ ਤੋਂ ਕੀਤੀ ਜਾਵੇਗੀ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਮੁਹਾਲੀ ਵਿੱਚ 447 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ।
ਇਹ ਐਲਾਨ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ‘ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ’ ਬਾਰੇ ਹੋਈ ਪੰਜਾਬ ਕਨਕਲੇਵ’ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਲੈਕਟ੍ਰਿਕ ਬੱਸਾਂ ਚਲਾਉਣ ਲਈ ਇਨ੍ਹਾਂ ਪੰਜ ਸ਼ਹਿਰਾਂ ਵਿੱਚ ਪਹਿਲ ਦੇ ਆਧਾਰ ’ਤੇ ਚਾਰਜਿੰਗ ਲਈ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀਜ਼ਲ ਤੋਂ ਇਲੈਕਟ੍ਰਿਕ ਵਾਹਨਾਂ ਵੱਲ ਰੁਖ ਕਰਨ ਨਾਲ ਨਾ ਸਿਰਫ਼ ਪ੍ਰਦੂਸ਼ਣ ਘਟੇਗਾ, ਸਗੋਂ ਡਰਾਈਵਰਾਂ ਦੀ ਆਮਦਨ ਵੀ ਵਧੇਗੀ। ਇਹ ਪਹਿਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵੀ ਅਹਿਮ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਰਚ 2024 ਤੋਂ ਹੁਣ ਤੱਕ ਅੰਮ੍ਰਿਤਸਰ ਵਿੱਚ ਈ-ਆਟੋ ਫਲੀਟ ਵਿੱਚ 200 ਔਰਤਾਂ ਸ਼ਾਮਲ ਹੋਈਆਂ ਹਨ। ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ 1,200 ਡੀਜ਼ਲ ਆਟੋਜ਼ ਨੂੰ ਇਲੈਕਟ੍ਰਿਕ ਆਟੋ ’ਚ ਬਦਲਿਆ ਗਿਆ ਹੈ, ਜੋ ਇਕ ਠੋਸ ਨੀਤੀ ਅਤੇ ਸਮੂਹਿਕ ਯਤਨਾਂ ਕਰ ਕੇ ਸੰਭਵ ਹੋਇਆ ਹੈ। ਇਸ ਸਫ਼ਲਤਾ ਦੇ ਆਧਾਰ ’ਤੇ ਹੁਣ ਪੰਜ ਵੱਡੇ ਸ਼ਹਿਰਾਂ ਵਿੱਚ ਇਲੈਕਟ੍ਰਿਕ ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ।