ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ 13 ਦਸੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ’ਚ ਪੰਜਾਬ ਦੀਆਂ ਸਮੂਹ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਔਰਤ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੱਦੀ ਹੈ ਤਾਂ ਜੋ ਸੰਸਦ ’ਚ ਬਿਜਲੀ ਸੋਧ ਬਿੱਲ ਪੇਸ਼ ਹੋਣ ਦੀ ਸੂਰਤ ’ਚ ਸੰਘਰਸ਼ੀ ਰਣਨੀਤੀ ਫ਼ੌਰੀ ਤਿਆਰ ਕੀਤੀ ਜਾ ਸਕੇ। ਮੋਰਚੇ ਵੱਲੋਂ ਬਿੱਲ ਪੇਸ਼ ਹੋਣ ਦੇ ਦੂਜੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਮੋਰਚਾ ਨੇ ਕੇਂਦਰ ਸਰਕਾਰ ਤੋਂ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਰੱਦ ਕਰਨ ਦੀ ਮੰਗ ਦੁਹਰਾਈ।
ਮੋਰਚੇ ਨੇ ਪੰਜਾਬ ਸਰਕਾਰ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਖ਼ਿਲਾਫ਼ ਆਪਣਾ ਪੱਖ ਸਪਸ਼ਟ ਕਰੇ। ਮੋਰਚੇ ਨੇ ਦੂਜੀਆਂ ਸਿਆਸੀ ਪਾਰਟੀਆਂ ਨੂੰ ਵੀ ਇਨ੍ਹਾਂ ਮਸਲਿਆਂ ’ਤੇ ਆਪਣਾ ਪੱਖ ਜਨਤਾ ਸਾਹਮਣੇ ਪੇਸ਼ ਕਰਨ ਲਈ ਕਿਹਾ ਹੈ। ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ੍ਹ, ਮੁਕੇਸ਼ ਚੰਦਰ ਸ਼ਰਮਾ ਅਤੇ ਬਿੰਦਰ ਸਿੰਘ ਗੋਲੇ ਵਾਲਾ ਦਾ ਕਹਿਣਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਦੇ ਖ਼ਿਲਾਫ਼ ਸਖ਼ਤ ਲੜਾਈ ਲੜੇਗਾ। ਮੋਰਚਾ ਨੇ ਰਾਜਸਥਾਨ ਦੀ ਭਾਜਪਾ ਸਰਕਾਰ ਵੱਲੋਂ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਟਿੱਬੀ ਵਿਖੇ ਈਥਾਨੌਲ ਫ਼ੈਕਟਰੀ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਤੇ ਲਾਠੀਚਾਰਜ ਕਰਕੇ ਕੇਸ ਦਰਜ ਕਰਨ ਅਤੇ ਜੇਲ੍ਹਾਂ ਵਿੱਚ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਮੋਰਚਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ ਦੇ ਖ਼ਿਲਾਫ਼ ਅਤੇ ਕਾਰਪੋਰੇਟ ਘਰਾਣਿਆਂ ਦੇ ਹਿਤ ਵਿੱਚ ਰਹੀਆਂ ਹਨ। ਮੋਰਚੇ ਨੇ ਮੰਗ ਕੀਤੀ ਕਿ ਕਿਸਾਨਾਂ ’ਤੇ ਜਬਰ ਬੰਦ ਕੀਤਾ ਜਾਵੇ, ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਮਸਲੇ ਦਾ ਹੱਲ ਕੀਤਾ ਜਾਵੇ।

