ਗਰਮੀ ਕਾਰਨ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਤੋਂ ਟੱਪੀ
ਸਰਕਾਰੀ ਤੇ ਪ੍ਰਾਈਵੇਟ ਖੇਤਰ ਦੇ 5 ਥਰਮਲ ਪਲਾਂਟਾਂ ਦੇ 15 ’ਚੋਂ 12 ਯੂਨਿਟ ਚਾਲੂ
ਪੰਜਾਬ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਕਈ ਥਾਵਾਂ ’ਤੇ ਰੁਕ-ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ਸਾਫ਼ ਮੌਸਮ ਦੇ ਨਾਲ ਹੀ ਮੁੜ ਗਰਮੀ ਨੇ ਜ਼ੋਰ ਫੜ ਲਿਆ। ਹੁੰਮਸ ਤੇ ਗਰਮੀ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਦੂਜੇ ਪਾਸੇ ਸੂਬੇ ਵਿੱਚ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਗਈ ਹੈ। ਅੱਜ ਦੁਪਹਿਰ ਸਮੇਂ ਬਿਜਲੀ ਦੀ ਮੰਗ 16294 ਮੈਗਾਵਾਟ ਦਰਜ ਕੀਤੀ ਗਈ, ਜੋ ਪਿਛਲੇ ਸਾਲ ਇਸੇ ਦਿਨ ਨਾਲੋਂ ਇਕ ਹਜ਼ਾਰ ਮੈਗਾਵਾਟ ਦੇ ਕਰੀਬ ਵੱਧ ਹੈ। ਪਿਛਲੇ ਸਾਲ ਪੰਜਾਬ ਵਿੱਚ ਅੱਜ ਦੇ ਦਿਨ ਬਿਜਲੀ ਦੀ ਵੱਧ ਤੋਂ ਵੱਧ ਮੰਗ 15262 ਮੈਗਾਵਾਟ ਦਰਜ ਕੀਤੀ ਗਈ ਸੀ, ਜਦੋਂ ਕਿ ਸਾਲ 2024 ਵਿੱਚ ਅੱਜ ਦੇ ਹੀ ਦਿਨ ਬਿਜਲੀ ਦੀ ਵੱਧ ਤੋਂ ਵੱਧ ਮੰਗ 14264 ਮੈਗਾਵਾਟ ਦਰਜ ਕੀਤੀ ਗਈ ਸੀ। ਸੂਬੇ ਵਿੱਚ ਲਗਾਤਾਰ ਵਧ ਰਹੀ ਬਿਜਲੀ ਦੀ ਮੰਗ ਨੇ ਪਾਵਰਕੌਮ ਦੇ ਅਧਿਕਾਰੀਆਂ ਦੀਆਂ ਮੁਸ਼ਕਲਾਂ ਵੀ ਵਧਾ ਦਿੱਤੀਆਂ ਹਨ। ਬਿਜਲੀ ਦੀ ਮੰਗ ਵਧਣ ਕਾਰਨ ਸਰਕਾਰੀ ਤੇ ਨਿੱਜੀ ਖੇਤਰ ਦੇ 5 ਥਰਮਲ ਪਲਾਂਟਾਂ ਦੇ 15 ਯੂਨਿਟਾਂ ਵਿੱਚੋਂ 12 ਯੂਨਿਟ ਚੱਲ ਰਹੇ ਹਨ। ਜਾਣਕਾਰੀ ਅਨੁਸਾਰ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰ ਯੂਨਿਟਾਂ ’ਚੋਂ ਦੋ ਯੂਨਿਟ ਹੀ ਚੱਲ ਰਹੇ ਹਨ। ਰੋਪੜ ਥਰਮਲ ਪਲਾਂਟ ਦੇ ਚਾਰ ’ਚੋਂ ਤਿੰਨ ਯੂਨਿਟ ਚਾਲੂ ਹਨ। ਇਸੇ ਤਰ੍ਹਾਂ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਦੋਵੇਂ ਯੂਨਿਟ ਚੱਲ ਰਹੇ ਹਨ। ਦੂਜੇ ਪਾਸੇ ਨਿੱਜੀ ਖੇਤਰ ਦੇ ਰਾਜਪੁਰਾ ਥਰਮਲ ਪਲਾਂਟ ਦੇ ਦੋਵੇਂ ਯੂਨਿਟ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਤਿੰਨੋਂ ਯੂਨਿਟ ਚਾਲੂ ਹਨ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਗਲੇ 2-3 ਦਿਨ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ।

