ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਅੱਜ ਇੱਥੇ ਮੀਟਿੰਗ ਉਪਰੰਤ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ 10 ਅਗਸਤ ਅਤੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਪ੍ਰਧਾਨਗੀ ਹੇਠ ਪੀਐੱਸਪੀਸੀਐੱਲ ਪ੍ਰਸ਼ਾਸਨ ਦੀ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਪੰਜਾਬ ਭਵਨ, ਅਤੇ ਗੈਸਟ ਹਾਊਸ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਜੋ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੰਗਾਂ ਰੱਖੀਆਂ ਗਈਆਂ ਸਨ, ਉਨ੍ਹਾਂ ਨੂੰ ਪ੍ਰਵਾਨ ਕਰਨ ਸਬੰਧੀ ਮਿੰਟਸ ਆਫ਼ ਮੀਟਿੰਗ ਦੀ ਕਾਪੀ ਵੀ ਮੁਹੱਈਆ ਕਰਵਾ ਦਿੱਤੀ ਗਈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਯੂਨੀਅਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਦੌਰ ਉਪਰੰਤ ਮੰਗਾਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲਾਗੂ ਕਰਨ ਲਈ ਜਲਦ ਹੀ ਪੀਐੱਸਪੀਸੀਐੱਲ ਦੇ ਬੋਰਡ ਆਫ਼ ਡਾਇਰੈਕਟਰਜ਼ ਤੋਂ ਪ੍ਰਵਾਨਗੀ ਲਈ ਜਾਵੇਗੀ ਅਤੇ ਜਿਨ੍ਹਾਂ ਮੰਗਾਂ ਸਬੰਧੀ ਕੈਬਨਿਟ ਦੀ ਪ੍ਰਵਾਨਗੀ ਦੀ ਜ਼ਰੂਰਤ ਹੈ, ਉਹ ਵੀ ਜਲਦ ਹਾਸਲ ਕਰ ਲਈ ਜਾਵੇਗੀ। ਬਿਜਲੀ ਮੰਤਰੀ ਨੇ ਇਸ ਮੌਕੇ ਸਮੂਹ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੀ ਇਸ ਸਬੰਧੀ ਮੰਗ ਸੀ ਕਿ ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਵਿੱਚ ਹੋਰ ਭਰਤੀ ਕੀਤੀ ਜਾਵੇ। ਇਸ ਤੋਂ ਇਲਾਵਾ ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਮੇਟੀ ਬਣਾਈ ਗਈ ਹੈ ਤੇ ਜਿਵੇਂ ਹੀ ਇਹ ਕਮੇਟੀ ਰਿਪੋਰਟ ਦਿੰਦੀ ਹੈ, ਉਸ ਨੂੰ ਲਾਗੂ ਕਰ ਦਿੱਤਾ ਜਾਵੇਗਾ।
ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਪਾਵਰਕੌਮ ਦਫ਼ਤਰ ਮੰਡਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ, ਜੁਆਇੰਟ ਫੋਰਮ ਏਕਤਾ ਮੰਚ ਅਤੇ ਪਾਵਰਕੌਮ ਐਂਡ ਟਰਾਂਸਕੋ ਪੈਨਸ਼ਨਰ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਚੌਥੇ ਦਿਨ ਸਮੂਹਿਕ ਛੁੱਟੀ ’ਤੇ ਜਾ ਕੇ ਰੋਸ ਰੈਲੀ ਕੀਤੀ ਗਈ। ਇਸ ਧਰਨੇ ਦੀ ਪ੍ਰਧਾਨਗੀ ਤਰਸੇਮ ਲਾਲ ਬੜਵਾ, ਗੁਰਦਿਆਲ ਸਿੰਘ ਮਾਵੀ, ਦੇਸਰਾਜ ਘਈ ਅਤੇ ਹਰੀ ਚੰਦ ਸ਼ਰਮਾ ਵੱਲੋਂ ਕੀਤੀ ਗਈ। ਇਸ ਮੌਕੇ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਬੋਰਡ ਦਾ ਨਿੱਜੀਕਰਨ ਨਾ ਕੀਤਾ ਜਾਵੇ, ਕੰਮ ਭਾਰ ਮੁਤਾਬਕ ਨਵੀਆਂ ਪੋਸਟਾਂ ਦੀ ਰਚਨਾ ਕਰ ਕੇ ਪੱਕੀ ਭਰਤੀ ਕੀਤੀ ਜਾਵੇ, ਠੇਕੇ ’ਤੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਯੋਗਤਾ ਅਨੁਸਾਰ ਮਹਿਕਮੇ ਅੰਦਰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸਾਰਿਆਂ ਮੁਲਾਜ਼ਮਾਂ ਤੇ ਇੱਕੋ ਸਾਰ ਤਨਖਾਹ ਨੀਤੀ ਲਾਗੂ ਕੀਤੀ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਰ ਤਰ੍ਹਾਂ ਦੇ ਬਕਾਏ ਜਲਦੀ ਜਾਰੀ ਕੀਤੇ ਜਾਣ। ਇਸ ਮੌਕੇ ਗੁਲਜ਼ਾਰੀ ਲਾਲ, ਧਰਮ ਚੰਦ, ਬਲਦੇਵ ਸਿੰਘ, ਜਸਵਿੰਦਰ ਸਿੰਘ ਔਲਖ, ਸੰਤੋਖ ਸਿੰਘ, ਮਾਨ ਸਿੰਘ ਨੇ ਸੰਬੋਧਨ ਕੀਤਾ।