ਬਿਜਲੀ ਮੁਲਾਜ਼ਮਾਂ ਵੱਲੋਂ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਸ਼ੁਰੂ
ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੱਖ ਜਥੇਬੰਦੀਆਂ ਦੇ ਸੱਦੇ ’ਤੇ ਐਂਪਲਾਈਜ਼ ਫੈਡਰੇਸ਼ਨ ਚਾਹਲ ਦੇ ਵਰਕਰਾਂ ਤੇ ਆਗੂਆਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਅਤੇ ਉਨ੍ਹਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਵਿਰੁੱਧ ਆਪਣੇ ਸੰਘਰਸ਼ ਦੇ ਪਹਿਲੇ ਦਿਨ ਪੰਜਾਬ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ, ਸਬ-ਸਟੇਸ਼ਨਾਂ, ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ ’ਤੇ ਤਿੰਨ ਰੋਜ਼ਾ ਛੁੱਟੀ ਲੈ ਕੇ ਹੜਤਾਲ ਕੀਤੀ। ਇਸ ਹੜਤਾਲ ਕਰਕੇ ਕੈਸ਼ ਕਾਊਂਟਰ ਅਤੇ ਸ਼ਿਕਾਇਤ ਘਰ ਬੰਦ ਰਹੇ।
ਜਥੇਬੰਦੀ ਦੇ ਸੂਬਾਈ ਆਗੂਆਂ ਗੁਰਵੇਲ ਸਿੰਘ ਬੱਲਪੁਰੀਆ, ਮਨਜੀਤ ਸਿੰਘ ਚਾਹਲ, ਪੂਰਨ ਸਿੰਘ ਖਾਈ, ਹਰਬੰਸ ਸਿੰਘ ਦੀਦਾਰਗੜ੍ਹ ਅਤੇ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿੱਚ ਮੈਨੇਜਮੈਂਟ ਦਾ ਰਵੱਈਆ ਨਿਰਾਸ਼ਾਜਨਕ ਰਿਹਾ।
ਹੜਤਾਲ ਦੇ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ 2 ਜੂਨ ਦੀ ਮੀਟਿੰਗ ਵਿੱਚ ਮੈਨੇਜਮੈਂਟ ਨੇ ਮੰਨਿਆ ਸੀ ਕਿ ਇਸ ਪਾਲਿਸੀ ਤਹਿਤ ਭਰਤੀ ਮੁਲਾਜ਼ਮਾਂ ਦੀਆਂ ਮੋੜਨਯੋਗ ਰਕਮਾਂ ’ਤੇ ਵਿਆਜ ਮੁਆਫ਼ ਕੀਤਾ ਜਾਵੇਗਾ, ਵੱਖ-ਵੱਖ ਸੀਆਰਏ ਤਹਿਤ ਭਰਤੀ ਮੁਲਾਜ਼ਮਾਂ ਨੂੰ ਕੰਟਰੈਕਟ ਸਮੇਂ ਦਾ ਲਾਭ ਦਿੱਤਾ ਜਾਵੇਗਾ, ਪੁਰਾਣੀ ਪੈਨਸ਼ਨ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਠੇਕੇਦਾਰੀ ਸਿਸਟਮ ਤਹਿਤ ਭਰਤੀ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਪੈਨਸ਼ਨਰਾਂ ਦਾ ਕੱਟਿਆ ਜਾਂਦਾ 200 ਰੁਪਏ ਬਹਾਲ ਕੀਤਾ ਜਾਵੇਗਾ ਪਰ ਇਨ੍ਹਾਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।
13 ਅਗਸਤ ਤੱਕ ਸਮੂਹਿਕ ਛੁੱਟੀ ’ਤੇ ਰਹਿਣਗੇ ਮੁਲਾਜ਼ਮ
ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਬਿਜਲੀ ਦਫ਼ਤਰਾਂ ਸਾਹਮਣੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ 13 ਅਗਸਤ ਤੱਕ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਰਹਿਣਗੇ। ਇਸ ਤੋਂ ਇਲਾਵਾ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਗਟਾਵੇ ਕੀਤੇ ਜਾਣਗੇ। ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਬਿਜਲੀ ਮੰਤਰੀ ਵੱਲੋਂ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਵਾਪਸ ਆਉਣ ਦਾ ਸੱਦਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਾਵਰਕੌਮ ਦੇ ਹੜਤਾਲ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੀ ਹੜਤਾਲ ਖਤਮ ਕਰਕੇ ਡਿਊਟੀ ’ਤੇ ਵਾਪਸ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਘਰਾਂ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ। ਇਸ ਲਈ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਡਿਊਟੀਆਂ ’ਤੇ ਵਾਪਸ ਆ ਜਾਣਾ ਚਾਹੀਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰ ਦਿੱਤਾ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ 10 ਅਗਸਤ ਦੀ ਮੀਟਿੰਗ ਦੌਰਾਨ ਪੀਐਸਪੀਸੀਐਲ ਪ੍ਰਸ਼ਾਸਨ ਨੇ ਕਰਮਚਾਰੀਆਂ ਵੱਲੋਂ ਰੱਖੀਆਂ ਗਈਆਂ ਲਗਪਗ ਸਾਰੀਆਂ ਮੁੱਖ ਮੰਗਾਂ ਨੂੰ ਸਵੀਕਾਰ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਸੀ।
ਬਿਜਲੀ ਨਿਗਮ ਦੀਆਂ ਜਥੇਬੰਦੀਆਂ ਵੱਲੋਂ ਨਵੇਂ ਮੋਰਚੇ ਦਾ ਐਲਾਨ
ਪਟਿਆਲਾ (ਪੱਤਰ ਪ੍ਰੇਰਕ): ਇੱਥੋਂ ਦੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਪੀਐਸਪੀਸੀਐਲ ਵਿਚ ਵੱਖ ਵੱਖ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਇਹ ਸਾਰੀਆਂ ਜਥੇਬੰਦੀਆਂ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੇ ਨਾਂ ਹੇਠ ਇਕਜੁੱਟ ਹੋ ਕੇ ਆਉਣ ਵਾਲੇ ਸਮੇਂ ਅੰਦਰ ਬਿਜਲੀ ਮੁਲਾਜ਼ਮਾਂ ਦੇ ਭਖਦੇ ਮਸਲਿਆਂ ਲਈ ਲੜਾਈ ਲੜਨਗੀਆਂ।