ਨਿੱਜੀ ਪੱਤਰ ਪ੍ਰੇਰਕ
ਜਲੰਧਰ, 20 ਮਾਰਚ
ਸੰਯੁਕਤ ਕਿਸਾਨ ਮੋਰਚੇ ਨੇ ਕੌਮੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਇਸ ਕਤਲ ਦੀ ਸਾਜ਼ਿਸ ਘੜਨ ਵਾਲਿਆਂ ਨੂੰ ਕਾਬੂ ਕਰ ਕੇ ਭਾਰਤ ਲਿਆਂਦਾ ਜਾਵੇ। ਇਸ ਕਤਲ ਕੇਸ ਵਿੱਚ ਹਾਲ ਦੀ ਘੜੀ ਪੁਲੀਸ ਨੇ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਪੁਲੀਸ ਜਿਹੜੇ ਮੁਲਜ਼ਮ ਫੜੇ ਜਾਣ ਦਾ ਦਾਅਵਾ ਕਰ ਰਹੀ ਹੈ, ਉਹ ਪਹਿਲਾਂ ਹੀ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਨ ਤੇ ਉਨ੍ਹਾਂ ਨੂੰ ਜਲੰਧਰ ਦੀ ਦਿਹਾਤੀ ਪੁਲੀਸ ਪ੍ਰੋਡਕਸ਼ਨ ਵਾਰੰਟ ’ਤੇ ਪੁੱਛ-ਪੜਤਾਲ ਲਈ ਲੈ ਕੇ ਆਈ ਸੀ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਆਗੂ ਸੰਤੋਖ ਸਿੰਘ ਸੰਧੂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕੱਬਡੀ ਵਿੱਚ ਗੈਂਗਸਟਰਾਂ ਦੇ ਵੱਧ ਰਹੇ ਦਬਦਬੇ ਅਤੇ ਨਸ਼ਿਆਂ ਦੇ ਰੁਝਾਨ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕਬੱਡੀ ਵਿੱਚ ਗੈਂਗਸਟਰ ਤੇ ਨਸ਼ੇ ਖ਼ਤਮ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਅੱਗੇ ਇੱਕ ਵੱਡੀ ਚੁਣੌਤੀ ਹੈ। ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੇ ਦੋ ਦਿਨ ਪਹਿਲਾਂ ਹੋਏ ਸੰਦੀਪ ਦੇ ਕਤਲ ਮਾਮਲੇ ਦੀ ਕਾਰਵਾਈ ਨਾਲ ਮੁੱਖ ਮੰਤਰੀ ਦੀ ਨਸ਼ਿਆਂ ਬਾਰੇ ਨੀਤੀ ਅਤੇ ਨੀਅਤ ਸਪੱਸ਼ਟ ਹੋ ਜਾਵੇਗੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ, ਹਰਦੀਪ ਸਿੰਘ, ਬੀਕੇਯੂ ਰਾਜੇਵਾਲ ਦੇ ਕਸ਼ਮੀਰ ਸਿੰਘ ਜੰਡਿਆਲਾ, ਬੀਕੇਯੂ ਕਾਦੀਆਂ ਦੇ ਅਮਰੀਕ ਸਿੰਘ ਤੇ ਅਮਰਜੀਤ ਸਿੰਘ ਨੇ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।