ਐਮਰਜੈਂਸੀ: ਫ਼ਿਲਮ ’ਤੇ ਰੋਕ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਪੱਤਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਜਨਵਰੀ
ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰ ਕੰਗਨਾ ਰਣੌਤ ਨੂੰ ਆਪਣੀ ਫਿਲਮ ‘ਐਮਰਜੈਂਸੀ’ ਦੇ ਪੰਜਾਬ ਵਿੱਚ ਰਿਲੀਜ਼ ਹੋਣ ’ਤੇ ਸਿੱਖ ਜਗਤ ਦੇ ਰੋਸ ਅਤੇ ਰੋਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼੍ਰੇਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਭੇਜ ਕੇ ਇਸ ਫਿਲਮ ’ਤੇ ਸੂਬੇ ਵਿੱਚ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਫਿਲਮ ਪੰਜਾਬ ਵਿਚ ਰਿਲੀਜ਼ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਸਖ਼ਤ ਵਿਰੋਧ ਕਰੇਗੀ। ਫਿਲਮ ਭਲਕੇ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ। ਮੁੱਖ ਮੰਤਰੀ ਨੂੰ ਭੇਜੇ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਭਲਕੇ 17 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਸਿਨੇਮਾ ਘਰਾਂ ਵਿੱਚ ਲੱਗਣ ਜਾ ਰਹੀ ਹੈ ਅਤੇ ਇਸ ਸਬੰਧੀ ਟਿਕਟਾਂ ਵੀ ਬੁੱਕ ਹੋਣੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਸ ਫਿਲਮ ਸਬੰਧੀ ਆਪਣਾ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ 14 ਨਵੰਬਰ 2024 ਨੂੰ ਇਤਰਾਜ਼ ਦਰਜ ਕਰਵਾਇਆ ਗਿਆ ਸੀ। ਇਸ ਸਬੰਧ ਵਿੱਚ ਅੰਤਰਿੰਗ ਕਮੇਟੀ ਵੱਲੋਂ ਪਾਸ ਕੀਤਾ ਗਿਆ ਮਤਾ ਵੀ ਭੇਜਿਆ ਗਿਆ ਸੀ ਕਿ ਇਹ ਫਿਲਮ ਸਿੱਖਾਂ ਨੂੰ ਬਦਨਾਮ ਕਰਨ ਦੇ ਮੰਤਵ ਨਾਲ ਨੀਤੀਗਤ ਢੰਗ ਨਾਲ ਬਣਾਈ ਗਈ ਹੈ। ਇਸ ਲਈ ਇਸ ਫਿਲਮ ਨੂੰ ਪੰਜਾਬ ਵਿੱਚ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਤੇ ਰਾਹੀਂ ਇਸ ਫਿਲਮ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ, ਪਰ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਜੇ 17 ਜਨਵਰੀ ਨੂੰ ਇਹ ਫਿਲਮ ਰਿਲੀਜ਼ ਹੁੰਦੀ ਹੈ, ਤਾਂ ਇਸ ਨਾਲ ਸਿੱਖ ਜਗਤ ਅੰਦਰ ਰੋਸ ਤੇ ਰੋਹ ਪੈਦਾ ਹੋਵੇਗਾ। ਧਾਮੀ ਨੇ ਕਿਹਾ ਕਿ ਇਸ ਫਿਲਮ ਵਿੱਚ ਸਾਕਾ ਨੀਲਾ ਤਾਰਾ ਸਮੇਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ’ਤੇ ਕੀਤੇ ਗਏ ਫੌਜੀ ਹਮਲੇ ਦੇ ਨਾਲ ਨਾਲ ਸਿੱਖ ਕਤਲੇਆਮ ਅਤੇ ਨਸਲਕੁਸ਼ੀ ਦੇ ਮਾਮਲੇ ਵਿੱਚ ਵੀ ਸਿੱਖਾਂ ਖਿਲਾਫ ਜ਼ਹਿਰ ਉਗਲਣ ਦੀ ਭਾਵਨਾ ਨਾਲ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਮ ਵਿੱਚ ਸਿੱਖਾਂ ਦੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਵੀ ਕਿਰਦਾਰਕੁਸ਼ੀ ਕੀਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਇਸ ਫਿਲਮ ਨੂੰ ਪੰਜਾਬ ਵਿੱਚ 17 ਜਨਵਰੀ ਨੂੰ ਜਾਰੀ ਹੋਣ ਤੋਂ ਤੁਰੰਤ ਰੋਕਿਆ ਜਾਵੇ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪੱਤਰ ਮੁੱਖ ਮੰਤਰੀ ਦਫਤਰ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਹੋਰਨਾਂ ਨੂੰ ਵੀ ਭੇਜੇ ਗਏ ਹਨ।
ਡਿਪਟੀ ਕਮਿਸ਼ਨਰਾਂ ਨੂੰ ਵੀ ਪੱਤਰ ਸੌਂਪੇ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਸੌਂਪ ਕੇ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ ’ਤੇ ਅੰਮ੍ਰਿਤਸਰ ਵਿਚ ਰੋਕ ਲਗਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅੰਦਰ ਜ਼ਿਲ੍ਹਾ ਪੱਧਰ ’ਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਫ਼ਿਲਮ ਰੋਕਣ ਲਈ ਮੰਗ ਪੱਤਰ ਦਿੱਤੇ ਗਏ ਹਨ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਸਮੇਂ ਸਕੱਤਰ ਪ੍ਰਤਾਪ ਸਿੰਘ ਦੇ ਨਾਲ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਅਤੇ ਸੁਪਰਡੈਂਟ ਨਿਸ਼ਾਨ ਸਿੰਘ ਮੌਜੂਦ ਸਨ।