ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 35000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਕੀਤੇ ਗਏ ਐਲਾਨ ਦੀ ਮੁਲਾਜ਼ਮ ਵਰਗ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਹੋਰ ਮੰਗਾਂ ਪੂਰੀਆਂ ਹੋਣ ਦੀ ਆਸ ਬੱਝਣ ਲੱਗੀ ਹੈ। ਨੈਸ਼ਨਲ ਹੈਲਥ ਮਿਸ਼ਨ ਨਾਲ ਸਬੰਧਤ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਦੇ ਸੂਬਾਈ ਪ੍ਰਧਾਨ ਅਮਰਜੀਤ ਸਿੰਘ ਪਟਿਆਲਾ ਨੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਅਨੇਕਾਂ ਸਰਕਾਰੀ ਵਿਭਾਗਾਂ ’ਚ ਕਈ ਹਜ਼ਾਰ ਕੱਚੇ ਮੁਲਾਜ਼ਮ ਅਸਾਮੀਆਂ ਹੋਣ ਦੇ ਬਾਵਜੂਦ ਕਈ ਸਾਲਾਂ ਤੋਂ ਠੇਕਾ ਆਧਾਰ ’ਤੇ ਨਿਗੂਣੀਆਂ ਤਨਖ਼ਾਹਾਂ ’ਤੇ ਹੀ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕ ਕੀਤਾ ਜਾਵੇ। -ਖੇਤਰੀ ਪ੍ਰਤੀਨਿਧ