ਸਰਬਜੀਤ ਸਿੰਘ ਭੰਗੂ
ਪਟਿਆਲਾ, 30 ਸਤੰਬਰ
ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਆਧਾਰਤ, ਆਊਟ ਸੋਰਸ ਤੇ ਡੇਲੀਵੇਜ਼ ਸਮੇਤ ਘੱਟ ਸਮਾਂ ਕੰਮ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੇ ਗਏ ਪ੍ਰਦਰਸ਼ਨਾਂ ਦੇ ਅੰਤਲੇ ਦਿਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਵਾਹਨ ਮਾਰਚ ਕੀਤਾ ਗਿਆ।
ਮਾਤਾ ਕੁਸ਼ੱਲਿਆ ਹਸਪਤਾਲ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਰੋਸ ਰੈਲੀ ਕਰਨ ਮਗਰੋਂ ਮੁੱਖ ਮੰਤਰੀ ਨਿਵਾਸ ਵੱਲ ਵਹੀਰਾਂ ਘੱਤਣ ਵਾਲੇ ਮੁਲਾਜ਼ਮਾਂ ਦੇ ਕਾਫ਼ਲੇ ਨੂੰ ਰਸਤੇ ਵਿਚ ਹੀ ਥੰਮ੍ਹਣ ਦੇ ਯਤਨ ਕੀਤੇ ਗਏ ਪਰ ਮੁਲਾਜ਼ਮ ਮੁੱਖ ਮੰਤਰੀ ਨਿਵਾਸ ਨੇੜੇ ਸਥਿਤ ਵਾਈਪੀਐੱਸ ਚੌਕ ਤਕ ਅੱਪੜਨ ’ਚ ਸਫ਼ਲ ਰਹੇ। ਪੁਲੀਸ ਵੱਲੋਂ ਲਾਏ ਬੈਰੀਕੇਡਾਂ ਕਾਰਨ ਉਹ ਅੱਗੇ ਨਾ ਵਧ ਸਕੇ ਤੇ ਉਨ੍ਹਾਂ ਨੇ ਚੌਕ ’ਚ ਹੀ ਧਰਨਾ ਲਾ ਕੇ ਸਰਕਾਰ ਖ਼ਿਲਾਫ਼ ਭੜਾਸ ਕੱਢੀ।ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰਦਿਆਂ ਮੁਲਾਜ਼ਮ ਨੇਤਾ ਦਰਸ਼ਨ ਸਿੰਘ ਲੁਬਾਣਾ ਨੇ ਕਿਹਾ ਕਿ ਇਹ ਐਕਸ਼ਨ ਪ੍ਰੋਗਰਾਮ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਸਮੇਤ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੇ ਲੜੀਵਾਰ ਪ੍ਰੋਗਰਾਮਾਂ ਤਹਿਤ ਕੀਤਾ ਗਿਆ ਹੈ। ਬੁਲਾਰਿਆਂ ਨੇ ਪੰਜਾਬ ਮੰਡੀਕਰਨ ਨੂੰ ਸੁਰੱਖਿਅਤ ਕਰਨ, ਪੰਜਾਬ ਦੀਆਂ ਖਰੀਦ ਏਜੰਸੀਆਂ, ਮਾਰਕੀਟ ਕਮੇਟੀਆਂ, ਮੁਲਾਜ਼ਮਾਂ, ਚੌਥਾ ਦਰਜਾ ਮੁਲਾਜ਼ਮਾਂ ਅਤੇ ਮਜ਼ਦੂਰਾਂ, ਸਫ਼ਾਈ ਸੇਵਕਾਂ, ਸੀਵਰਮੈਨਾਂ ਆਦਿ ਦੀਆਂ ਸੇਵਾਵਾਂ ਸੁਰੱਖਿਅਤ ਕਰਨ ਦੀ ਮੰਗ ਕੀਤੀ।