ਸਪੀਕਰ ਸੰਧਵਾਂ ਦੇ ਘਰ ਅੱਗੇ ਮੁਲਾਜ਼ਮਾਂ ਨੇ ਪੁੱਟੇ ਬੈਰੀਕੇਡ; ਪੁਲੀਸ ਨਾਲ ਹੋਈ ਧੱਕਾ-ਮੁੱਕੀ
ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ
ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ 'ਤੇ ਸ਼ਨਿੱਚਰਵਾਰ ਨੂੰ ਆਪਣੇ ਪ੍ਰਦਰਸ਼ਨ ਦੌਰਾਨ ਮੁਲਾਜ਼ਮ ਪੁਲੀਸ ਦੀਆਂ ਸਾਰੀਆਂ ਰੋਕਾਂ ਤੋੜ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਪਹੁੰਚ ਗਏ। ਪੁਲੀਸ ਨੇ ਮੁਲਾਜ਼ਮਾਂ ਨੂੰ ਘਰ ਤੱਕ ਪਹੁੰਚਣ ਤੋਂ ਰੋਕਣ ਲਈ ਦੋ ਥਾਵਾਂ 'ਤੇ ਬੈਰੀਕੇਡ ਲਗਾਏ ਹੋਏ ਸਨ, ਪਰ ਮੁਲਾਜ਼ਮਾਂ ਨੇ ਦੋਵੇਂ ਥਾਵਾਂ ਤੋਂ ਬੈਰੀਕੇਡ ਪੁੱਟ ਦਿੱਤੇ ਅਤੇ ਘਰ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ। ਹਾਲਾਂਕਿ ਇਸ ਦੌਰਾਨ ਮੁਲਾਜ਼ਮਾਂ ਅਤੇ ਪੁਲੀਸ ਦਰਮਿਆਨ ਧੱਕਾ-ਮੁੱਕੀ ਵੀ ਹੋਈ, ਪਰ ਮੁਲਾਜ਼ਮ ਰੁਕੇ ਨਹੀਂ ਅੱਗੇ ਵਧਦੇ ਰਹੇ।
ਫਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਤੋਂ ਆਏ ਮੁਲਾਜ਼ਮ ਆਗੂਆਂ, ਪੈਨਸ਼ਨਰਾਂ, ਆਸ਼ਾ ਵਰਕਰਾਂ, ਮਿਡ-ਡੇ-ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਅਧਿਆਪਕਾਂ ਨੇ ਸਾਂਝੇ ਰੂਪ ਵਿੱਚ ਸਪੀਕਰ ਸੰਧਵਾਂ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੋਇਆ ਸੀ। ਪਹਿਲਾਂ ਪਿੰਡ ਸੰਧਵਾਂ ਵਿਖੇ ਸਾਰੇ ਆਗੂ ਸਪੀਕਰ ਸੰਧਵਾਂ ਦੀ ਰਿਹਾਇਸ਼ ਨਜ਼ਦੀਕ ਇਕੱਠੇ ਹੋਏ ਅਤੇ ਰੋਸ ਰੈਲੀ ਕੀਤੀ। ਇਸ ਦੌਰਾਨ ਉਨ੍ਹਾਂ ਸਰਕਾਰ 'ਤੇ ਵਾਅਦਾ-ਖ਼ਿਲਾਫ਼ੀ ਦੇ ਦੋਸ਼ ਲਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵੱਖ-ਵੱਖ ਯੂਨੀਅਨਾਂ ਦੇ ਆਗੂ ਗੁਰਨਾਮ ਸਿੰਘ ਵਿਰਕ, ਪ੍ਰੇਮ ਚਾਵਲਾ, ਅਮਰੀਕ ਸਿੰਘ ਸੰਧੂ ਅਤੇ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਸਰਕਾਰ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।
ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 42 ਫ਼ੀਸਦੀ ਡੀ ਏ ਦਿੱਤਾ ਜਾ ਰਿਹਾ ਹੈ ਜਦੋਂ ਕਿ ਹੋਰ ਕਈ ਸੂਬਿਆਂ ਵਿੱਚ 60 ਫ਼ੀਸਦੀ ਡੀ ਏ ਮਿਲ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਡੀ ਏ ਦਾ ਬਕਾਇਆ ਜਾਰੀ ਕਰਨ ਅਤੇ ਡੀ ਏ ਵਧਾ ਕੇ 60 ਫ਼ੀਸਦੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਟਾਲਾ ਵੱਟ ਰਹੀ ਹੈ ਅਤੇ ਧਮਕੀਆਂ ਦੇ ਕੇ ਡਰਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰੀਬ ਚਾਰ ਸਾਲ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਲਏ ਗਏ ਫ਼ੈਸਲੇ ਨੂੰ ਲਾਗੂ ਕਰਨ ਦੀ ਮੰਗ ਵੀ ਸਰਕਾਰ ਨੇ ਠੰਢੇ ਬਸਤੇ ਪਾ ਰੱਖੀ ਹੈ। ਇਸ ਤੋਂ ਇਲਾਵਾ ਆਸ਼ਾ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਮਾਣ-ਭੱਤੇ ਵਿੱਚ ਦੁੱਗਣਾ ਵਾਧਾ ਕਰਨ ਦੀ ਮੰਗ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

