ਮੁਲਾਜ਼ਮਾਂ ਵੱਲੋਂ ਸਿਹਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ
ਇਸ ਦੌਰਾਨ ਸੰਬੋਧਨ ਕਰਦਿਆਂ ਫਰੰਟ ਦੇ ਸੂਬਾਈ ਕਨਵੀਨਰ ਅਤਿੰਦਰਪਾਲ ਸਿੰਘ ਨੇ ਕਿਹਾ ਕਿ ਐੱਨ ਪੀ ਐੱਸ ਅਤੇ ਯੂਨੀਫਾਈਡ ਪੈਨਸ਼ਨ ਸਕੀਮ (ਯੂ ਪੀ ਐੱਸ) ਦੋਵੇਂ ਪੈਨਸ਼ਨ ਪ੍ਰਣਾਲੀਆਂ ਮੁਕੰਮਲ ਰੂਪ ’ਚ ਸ਼ੇਅਰ ਮਾਰਕੀਟ ਅਤੇ ਬਾਜ਼ਾਰ ਦੇ ਜੋਖ਼ਮ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੇਂਦਰ ਵੱਲੋਂ ਲਿਆਂਦੀ ਯੂ ਪੀ ਐੱਸ ਨੂੰ ਵੀ ਮੁਲਾਜ਼ਮਾਂ ਨੇ ਰੱਦ ਕਰ ਦਿੱਤਾ ਹੈ। ਮੰਚ ਸੰਚਲਾਨ ਕਰਦਿਆਂ ਫਰੰਟ ਦੇ ਜ਼ਿਲ੍ਹਾ ਕਨਵੀਨਰ ਸਤਪਾਲ ਸਮਾਣਵੀ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ’ਤੇ ਜ਼ੋਰ ਦਿੱਤਾ।
ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾਈ ਪ੍ਰਧਾਨ ਵਿਕਰਮ ਦੇਵ ਅਤੇ ਡੈਮੋਕ੍ਰੈਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਜਨਰਲ ਸਕੱਤਰ ਡਾ. ਹਰਦੀਪ ਟੋਡਰਪੁਰ ਨੇ ਕਿਹਾ ਕਿ ਰਾਜ ਸਰਕਾਰ ਵੀ ਲੋਕਾਂ ਦੀਆਂ ਸੱਧਰਾਂ ’ਤੇ ਖ਼ਰੀ ਨਹੀਂ ਉਤਰ ਸਕੀ, ਹਾਲਾਂਕਿ ਲੋਕਾਂ ਨੇ ਇਤਿਹਾਸਕ ਜਿੱਤ ਵੀ ਦਿਵਾਈ। ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੈਬਨਿਟ ਸਬ-ਕਮੇਟੀ ਸੂਬੇ ਦੀ ਭੂਮਿਕਾ ਬਾਰੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਵਿੱਤੀ ਹਾਲਤ ਨੂੰ ਬਹਾਨਾ ਬਣਾ ਕੇ ਸਰਕਾਰ ਕੇਂਦਰੀ ਯੂ ਪੀ ਐੱਸ ਸਕੀਮ ਨੂੰ ਥੋਪਣ ਦੀ ਤਿਆਰੀ ਵਿੱਚ ਹੈ।
ਇਸ ਮੌਕੇ ਸ਼ਹੀਦ ਭਗਤ ਸਿੰਘ ਨਰਸਿੰਗ ਯੂਨੀਅਨ ਪੰਜਾਬ ਦੇ ਪ੍ਰਧਾਨ ਆਰਤੀ ਬਾਲੀ ਤੇ ਜੁਝਾਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਪੁੱਜੇ। ਕਨਵੈਨਸ਼ਨ ’ਚ ਗੁਰਜੀਤ ਸਿੰਘ ਘੱਗਾ, ਹਰਵਿੰਦਰ ਰੱਖੜਾ, ਰਾਜਿੰਦਰ ਸਮਾਣਾ, ਜਗਤਾਰ ਰਾਮ, ਜਗਤਾਰ ਸਿੰਘ ਪਟਿਆਲਾ, ਡਾ. ਰਾਮਸ਼ਰਨ ਅਲੋਹਰਾਂ ਆਦਿ ਵੀ ਮੌਜੂਦ ਸਨ।
