ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਗੁਰਬਖਸ਼ਪੁਰੀ
ਤਰਨ ਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਦੀ ਸਮਾਪਤੀ ਵਾਲੇ ਦਿਨ ਮੁਲਾਜ਼ਮਾਂ ਦੀਆਂ ਕਈ ਜਥੇਬੰਦੀਆਂ ਨੇ ਅੱਜ ਆਪਣੀਆਂ ਮੰਗਾਂ ਨਾ ਮੰਨੀਆਂ ਜਾਣ ਦੇ ਰੋਸ ਵਜੋਂ ਸ਼ਹਿਰ ਵਿੱਚ ਪ੍ਰਦਰਸ਼ਨ ਕੀਤੇ। ਇੱਥੇ ਅੱਜ ਮੁਲਾਜ਼ਮਾਂ ਨੇ ਰੋਸ ਮਾਰਚ ਕਰ ਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਜਥੇਬੰਦੀ ਦੇ ਆਗੂ ਦਿਲਬਾਗ ਸਿੰਘ ਦੀ ਅਗਵਾਈ ਵਿੱਚ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਸਬੰਧੀ ਚੌਕੀ ਬੋਹੜੀ ਵਿੱਚ ਧਰਨਾ ਦਿੱਤਾ ਗਿਆ। ਇਸ ਦੌਰਾਨ ਇਕੱਤਰ ਵੱਡੀ ਗਿਣਤੀ ਮੁਲਜ਼ਮਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ| ਜਥੇਬੰਦੀ ਦੇ ਆਗੂ ਦਿਲਬਾਗ ਸਿੰਘ ਨੇ ਕਿਹਾ ਕਿ ਜਥੇਬੰਦੀ ਆਪਣੇ ਠੇਕਾ ਵਰਕਰਾਂ ਨੂੰ ਸਬੰਧਤ ਵਿਭਾਗ ’ਚ ਮਰਜ਼ ਕਰ ਕੇ ਰੈਗੂਲਰ ਕਰਵਾਉਣ ਦੀ ਮੰਗ ਕਰਦੀ ਹੈ|
ਇਸ ਤੋਂ ਇਲਾਵਾ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਵਰਕਰਜ਼ ਯੂਨੀਅਨ ਨੇ ਆਪਣੇ ਭੱਤੇ ਵਿੱਚ ਵਾਧਾ ਕਰਨ ਦੀ ਮੰਗ ’ਤੇ ਰੈਲੀ ਕਰ ਕੇ ਰੋਸ ਮਾਰਚ ਕੀਤਾ| ਈ ਟੀ ਟੀ-2392 ਅਧਿਆਪਕਾਂ ਦੀ ਜਥੇਬੰਦੀ ਨੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਕਟੌਤੀ ਕੀਤੇ ਜਾਣ ਖ਼ਿਲਾਫ਼ ਮੁਜ਼ਾਹਰਾ ਕੀਤਾ| ਪਾਵਰਕੌਮ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਬੱਸ ਅੱਡੇ ’ਤੇ ਰੈਲੀ ਕਰ ਕੇ ਸਰਕਾਰ ਵੱਲੋਂ ਪਾਵਰਕੌਮ ਦੀਆਂ ਜਾਇਦਾਦਾਂ ਵੇਚਣ ਖ਼ਿਲਾਫ਼ ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਅਗਵਾਈ ਵਿੱਚ ਰੈਲੀ ਕੀਤੀ| ਇਸੇ ਤਰ੍ਹਾਂ ਫ਼ਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਨੇ ਵੀ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਲੀਆਂ ਸਾਰੀਆਂ ਸਹੂਲਤਾਂ ਦਿੱਤੇ ਜਾਣ ਦੀ ਮੰਗ ਲਈ ਰੋਸ ਜ਼ਾਹਿਰ ਕੀਤਾ| ਇਸ ਕਾਰਨ ਸ਼ਹਿਰ ਵਿੱਚ ਕਈ ਘੰਟਿਆਂ ਤਕ ਆਵਾਜਾਈ ਜਾਮ ਰਹੀ।
