ਕੁਲਦੀਪ ਸਿੰਘ
ਚੰਡੀਗੜ੍ਹ, 6 ਦਸੰਬਰ
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ’ਤੇ ਆਧਾਰਿਤ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਉਤੇ ਅੱਜ ਸੈਕਟਰ 9 ਸਥਿਤ ਸਿਵਲ ਸਕੱਤਰੇਤ-2 ’ਚ ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ।
ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਮੰਗਾਂ ਸਬੰਧੀ ਕੀਤੇ ਗਏ ਐਲਾਨਾਂ ਤੇ ਵਾਅਦਿਆਂ ਨੂੰ ਅਫ਼ਸਰਸ਼ਾਹੀ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਐਲਾਨਾਂ ਦੀ ਨੋਟੀਫਿਕੇਸ਼ਨ ਸਮੇਂ ਚੋਰ ਮੋਰੀਆਂ ਰੱਖ ਕੇ ਮੁਲਾਜ਼ਮਾਂ ਨੂੰ ਬੁੱਧੂ ਬਣਾਉਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਵਾਅਦੇ ਅਨੁਸਾਰ ਤਰੱਕੀ ਦੀ ਮਿਤੀ ਤੋਂ ਤਨਖਾਹ ਕਮਿਸ਼ਨ ਦਾ 15 ਫੀਸਦ ਦੇ ਵਾਧੇ ਵਿੱਚ ਬੇਲੋੜੀਆਂ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮਹਿੰਗਾਈ ਭੱਤੇ ਦੀ ਰਹਿੰਦੀਆਂ ਕਿਸ਼ਤਾਂ ਜਾਰੀ ਕਰਨ, 200 ਰੁਪਏ ਡਿਵੈਲਪਮੈਂਟ ਟੈਕਸ ਬੰਦ ਕਰਨ, ਸਕੱਤਰੇਤ ਦੇ ਪਰਸੋਨਲ ਸਟਾਫ਼ ਨੂੰ ਮਿਲ ਰਹੇ ਸਪੈਸ਼ਲ ਭੱਤੇ ਦੀ ਤਰਜ ’ਤੇ ਸਕੱਤਰੇਤ ਦੇ ਬਾਕੀ ਮੁਲਾਜ਼ਮਾਂ ਲਈ ਵੀ ਸਪੈਸ਼ਲ ਭੱਤਾ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਸੇਵਾਮੁਕਤ ਕਰਮਚਾਰੀਆਂ ਨੂੰ ਤਨਖਾਹ ਕਮਿਸ਼ਨ ਦੀ ਰਿਪੋਰਟ ਅਨੁਸਾਰ 2.59 ਦੇ ਫਾਰਮੂਲੇ ਅਨੁਸਾਰ ਪੈਨਸ਼ਨਾਂ ਵਿੱਚ ਵਾਧਾ ਕਰਨ ਆਦਿ ਵੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਸਰਕਾਰ ਨੂੰ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ। ਇਸ ਮੌਕੇ ਪੰਜਾਬ ਸਿਵਲ ਸਕੱਤਰੇਤ ਅਤੇ ਵਿੱਤੀ ਕਮਿਸ਼ਨਰ ਸਕੱਤਰੇਤ ਤੋਂ ਗੁਰਪ੍ਰੀਤ ਸਿੰਘ, ਉਦਯੋਗ ਵਿਭਾਗ ਤੋਂ ਰੰਜੀਵ ਸ਼ਰਮਾ, ਬਲਰਾਜ ਸਿੰਘ ਦਾਊਂ, ਕੁਲਵੰਤ ਸਿੰਘ, ਮਿਥੁਨ ਚਾਵਲਾ, ਸੁਖਜੀਤ ਕੌਰ ਤੇ ਸਾਹਿਲ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਹਾਜ਼ਰ ਸਨ।