ਕੁਲਦੀਪ ਸਿੰਘ
ਚੰਡੀਗੜ੍ਹ, 8 ਅਗਸਤ
ਛੇਵੇਂ ਤਨਖਾਹ ਕਮਿਸ਼ਨ ਵਿੱਚ ਤਰੁੱਟੀਆਂ ਸਬੰਧੀ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਨਾਲ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਨੂੰ ਦਿੱਤੇ ਗਏ 15 ਫ਼ੀਸਦੀ ਵਾਧੇ ਦੀ ਤਜਵੀਜ਼ ਨੂੰ ਫ਼ਰੰਟ ਨੇ ਨਕਾਰ ਦਿੱਤਾ ਹੈ।
ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨੇ ਪਿਛਲੇ ਦਿਨ ਸਰਕਾਰ ਨਾਲ ਹੋਈਆਂ ਮੀਟਿੰਗਾਂ ਦਾ ਰੀਵਿਊ ਕਰਨ ਅਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕਣ ਲਈ ਮੀਟਿੰਗ ਕੀਤੀ, ਜਿਸ ਵਿੱਚ ਫੈਡਰੇਸ਼ਨਾਂ ਅਤੇ ਜਥੇਬੰਦੀਆਂ ਦੀ ਲੀਡਰਸ਼ਿਪ ਵੱਲੋਂ ਸ਼ਮੂਲੀਅਤ ਕੀਤੀ ਗਈ। ਸਾਂਝੇ ਫਰੰਟ ਦੇ ਕਨਵੀਨਰਾਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਜਗਦੀਸ਼ ਚਾਹਲ, ਠਾਕੁਰ ਸਿੰਘ, ਸੁਖਚੈਨ ਸਿੰਘ ਖਹਿਰਾ, ਵਾਸਵੀਰ ਸਿੰਘ ਭੁੱਲਰ, ਕਰਮ ਸਿੰਘ ਧਨੋਆ, ਸੁਖਦੇਵ ਸਿੰਘ ਸੈਣੀ, ਪ੍ਰੇਮ ਸਾਗਰ ਸ਼ਰਮਾ, ਦਵਿੰਦਰ ਸਿੰਘ ਬੈਨੀਪਾਲ, ਸੁਖਜੀਤ ਸਿੰਘ, ਸਤਨਾਮ ਸਿੰਘ, ਰਣਬੀਰ ਸਿੰਘ ਢਿੱਲੋਂ, ਮਨਦੀਪ ਸਿੰਘ ਸਿੱਧੂ ਨੇ ਆਖਿਆ ਕਿ ਮੀਟਿੰਗ ਵਿੱਚ ਸਾਂਝੇ ਫਰੰਟ ਨੇ ਸਰਕਾਰ ਵੱਲੋਂ ਦਿੱਤਾ 15 ਫ਼ੀਸਦੀ ਤਨਖਾਹ ਵਾਧੇ ਦਾ ਪ੍ਰਸਤਾਵ ਰੱਦ ਕਰ ਦਿੱਤਾ ਹੈ।
ਤਹਿਸੀਲ ਪੱਧਰੀ ਪ੍ਰਦਰਸ਼ਨ 13 ਨੂੰ
ਫਰੰਟ ਨੇ ਫ਼ੈਸਲਾ ਕੀਤਾ ਹੈ ਕਿ ਵੱਖ-ਵੱਖ ਸ਼੍ਰੇਣੀਆਂ ਦੇ ਮੰਗੇ ਜਾ ਰਹੇ ਗੁਣਾਂਕ ਤੋਂ ਘੱਟ ਵਾਧਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ 13 ਅਗਸਤ ਨੂੰ ਪੰਜਾਬ ਦੇ ਲੱਖਾਂ ਮੁਲਾਜ਼ਮ ਤਹਿਸੀਲ ਪੱਧਰ ’ਤੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨਗੇ ਤੇ 19 ਤੋਂ 23 ਅਗਸਤ ਤੱਕ ਜ਼ਿਲ੍ਹਾ ਕੇਂਦਰਾਂ ’ਤੇ ਰੈਲੀਆਂ ਕੀਤੀਆਂ ਜਾਣਗੀਆਂ। ਜੇ ਫਿਰ ਵੀ ਸਰਕਾਰ ਨੇ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਚੰਡੀਗੜ੍ਹ ਵਿੱਚ ਘੱਟੋ-ਘੱਟ ਇੱਕ ਲੱਖ ਮੁਲਾਜ਼ਮਾਂ ਦੀ ਸੂਬਾ ਪੱਧਰੀ ਰੈਲੀ ਕਰਨ ਮਗਰੋਂ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ।