ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਮਈ
ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਪੁੱਜੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਨੇ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ। ਕਹਿਰ ਦੀ ਗਰਮੀ ਦੇ ਬਾਵਜੂਦ ਪੁੱਜੇ ਹਜ਼ਾਰਾਂ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਧਰਨਾਕਾਰੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ’ਚ ਪੇਂਡੂ ਜਲ ਘਰਾਂ ਅਤੇ ਦਫ਼ਤਰਾਂ ਵਿੱਚ ਬਤੌਰ ਇਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ ਤੇ ਕੰਪਨੀ ਅਧੀਨ ਕੰਮ ਕਰਦੇ ਆ ਰਹੇ ਵਰਕਰਾਂ ਨੂੰ ਤਜਰਬੇ ਦੇ ਆਧਾਰ ’ਤੇ ਸਬੰਧਤ ਵਿਭਾਗ ’ਚ ਰਲਾ ਕੇ ਰੈਗੂਲਰ ਕਰਨ ਸਮੇਤ ਹੋਰ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਕਿਹਾ ਕਿ ‘ਆਪ’ ਸਰਕਾਰ ਵੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਭੱਜ ਰਹੀ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵੈੱਬਸਾਈਟ ’ਤੇ ਵਰਕਰਾਂ ਦੀ ਕੱਟੀ ਡੇਟਾ ਦੀ ਐਂਟਰੀ ਨੂੰ ਪਹਿਲਾਂ ਦੀ ਤਰ੍ਹਾਂ ਤੁਰੰਤ ਬਹਾਲ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਨੇ ਯੂਨੀਅਨ ਆਗੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਲ 24 ਮਈ ਦੀ ਮੀਟਿੰਗ ਤੈਅ ਕਰਵਾ ਦਿੱਤੀ ਹੈ ਜਿਸ ਮਗਰੋਂ ਮੁਲਾਜ਼ਮਾਂ ਨੇ ਧਰਨਾ ਸਮਾਪਤ ਕਰ ਦਿੱਤਾ। ਮੁਲਾਜ਼ਮਾਂ ਦੀ ਹਮਾਇਤ ਵਿੱਚ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਮਨਜੀਤ ਸਿੰਘ ਘਰਾਚੋਂ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਤੋਂ ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ ਲਹਿਰਾ, ਸੁਰਿੰਦਰ ਕੁਮਾਰ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਤੋਂ ਰਮਨ ਸਿੰਘ ਕਾਲਾਝਾੜ ਆਦਿ ਭਰਾਤਰੀ ਜਥੇਬੰਦੀਆਂ ਵੱਲੋਂ ਧਰਨੇ ਵਿੱਚ ਸ਼ਮੂੁਲੀਅਤ ਕੀਤੀ ਗਈ।