ਇੰਗਲੈਂਡ ਦੇ ਸੰਸਦ ਮੈਂਬਰ ਢੇਸੀ ਨੇ ਬੰਦੀ ਸਿੰਘਾਂ ਦਾ ਮਸਲਾ ਉਠਾਇਆ
ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਇੱਥੇ ਪੰਜਾਬ ਦੇ ਉਦਯੋਗ ਅਤੇ ਐੱਨਆਰਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ ਦੌਰਾਨ ਬੰਦੀ ਸਿੰਘਾਂ ਦਾ ਮੁੱਦਾ ਉਠਾਇਆ। ਘੰਟੇ ਤੋਂ ਵੱਧ ਸਮਾਂ ਹੋਈ ਇਸ ਮੁਲਾਕਾਤ ਦੌਰਾਨ ਢੇਸੀ ਨੇ ਪਰਵਾਸੀ ਪੰਜਾਬੀਆਂ ਦੀਆਂ ਜਾਇਦਾਦਾਂ ਨਾਲ ਸਬੰਧਤ ਮੁੱਦੇ ਵੀ ਉਠਾਏ। ਢੇਸੀ ਨੇ ਪੰਜਾਬ ਸਰਕਾਰ ਕੋਲ ਇਹ ਮੰਗ ਕੀਤੀ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਰਾਜਨੀਤਿਕ ਕੈਦੀਆਂ ਦੀ ਰਿਹਾਈ ਕੀਤੀ ਜਾਵੇ। ਢੇਸੀ ਨੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦਾ ਮਾਮਲਾ ਵੀ ਉਠਾਇਆ ਜੋ ਲੰਮੇ ਸਮੇਂ ਤੋਂ ਪੰਜਾਬ ਦੀ ਜੇਲ੍ਹ ਵਿੱਚ ਬੰਦ ਹੈ ਜਦ ਕਿ ਉਹ ਕਈ ਮਾਮਲਿਆਂ ਵਿੱਚ ਬਰੀ ਵੀ ਹੋ ਚੁੱਕਾ ਹੈ।
ਢੇਸੀ ਨੇ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ, ਜਿਸ ਨੂੰ ਹਾਲ ਹੀ ਦੌਰਾਨ ਭਾਰਤ ਤੇ ਪਾਕਿਸਤਾਨ ਵਿਚਲੇ ਪੈਦਾ ਹੋਏ ਤਣਾਅ ਕਾਰਨ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਕੌਮਾਂਤਰੀ ਕਾਰਗੋ ਬੰਦਰਗਾਹ ਨੂੰ ਜੇਕਰ ਮੁੜ ਖੋਲ੍ਹਿਆ ਜਾਵੇ ਤਾਂ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਤੇ ਖਾਸ ਕਰਕੇ ਪੰਜਾਬੀਆਂ ਨੂੰ ਵੱਡੇ ਪੱਧਰ ’ਤੇ ਫਾਇਦਾ ਹੋਵੇਗਾ।
ਉਨ੍ਹਾਂ ਲੰਡਨ, ਬਰਮਿੰਘਮ ਤੇ ਹੋਰ ਯੂਰਪੀ ਸ਼ਹਿਰਾਂ ਤੋਂ ਇਲਾਵਾ ਉੱਤਰੀ ਅਮਰੀਕਾ ਤੇ ਏਸ਼ੀਆਈ ਮੁਲਕਾਂ ਤੋਂ ਅੰਮ੍ਰਿਤਸਰ ਅਤੇ ਰਾਜਧਾਨੀ ਚੰਡੀਗੜ੍ਹ ਲਈ ਮੁੜ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਇਸ ਨਾਲ ਪੂਰੀ ਦੁਨੀਆ ’ਚ ਵੱਸਦੇ ਪੰਜਾਬੀਆਂ ਅਤੇ ਸੈਲਾਨੀਆਂ ਨੂੰ ਪੰਜਾਬ ਨਾਲ ਸਿੱਧਾ ਜੋੜਨ ਵਿੱਚ ਵੱਡੀ ਮਦਦ ਮਿਲੇਗੀ ਤੇ ਵਪਾਰਕ ਸਰਗਰਮੀਆਂ ਵਧਣਗੀਆਂ।