ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਜੁਲਾਈ
ਅਫ਼ਗਾਨਿਸਤਾਨ ਵਿੱਚ ਖਾਨਾਜੰਗੀ ਦੀ ਲਪੇਟ ਵਿਚ ਆਏ ਸਿੱਖ ਭਾਈਚਾਰੇ ਲਈ ਚਿੰਤਾ ਜ਼ਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਅਫ਼ਗਾਨਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਅਤੇ ਗੁਰਦੁਆਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਇਨ੍ਹਾਂ ਸਿੱਖਾਂ ਨੂੰ ਭਾਰਤ ਵਿੱਚ ਸੁਰੱਖਿਅਤ ਵਸੇਬਾ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨਾਲ ਵੀ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਅਫ਼ਗਾਨਿਸਤਾਨ ਵਿਚਲੇ ਹਾਲਾਤ ’ਤੇ ਨਜ਼ਰ ਰੱਖੀ ਹੋਈ ਹੈ ਤੇ ਉਹ ਉੱਥੇ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਭਾਰਤ ਵਿੱਚ ਅਫ਼ਗਾਨ ਦੂਤਾਵਾਸ ਨੂੰ ਵੀ ਪੱਤਰ ਲਿਖ ਕੇ ਇੱਥੋਂ ਦੇ ਵਫ਼ਦ ਨੂੰ ਸਿੱਖਾਂ ਨਾਲ ਗੱਲਬਾਤ ਕਰਨ ਦੀ ਇਜ਼ਾਜਤ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਤਾਜ਼ਾ ਸਥਿਤੀ ਮੁਤਾਬਕ ਅਫ਼ਗਾਨਿਸਤਾਨ ’ਚ ਤਾਲਿਬਾਨ ਦੇਸ਼ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਨਾਲ ਮੁਲਕ ਦੀਆਂ ਘੱਟ ਗਿਣਤੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਤਾਲਿਬਾਨ ਦੀ ਘੱਟ ਗਿਣਤੀਆਂ ਪ੍ਰਤੀ ਸੋਚ ਕਾਰਨ ਸਿੱਖਾਂ ਨੂੰ ਬੰਬ ਧਮਾਕਿਆਂ ’ਚ ਮਾਰਿਆ ਅਤੇ ਅਗਵਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੱਖਾਂ ਉੱਥੇ ਤਸ਼ੱਦਦ ਢਾਹਿਆ ਜਾ ਰਿਹਾ ਹੈ ਅਤੇ ਉਨ੍ਹਾਂ ਜਬਰੀ ਧਰਮ ਤਬਦੀਲ ਕੀਤਾ ਜਾ ਰਿਹਾ ਹੈ। ਗੁਰਧਾਮਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸਰਕਾਰ ਇਨ੍ਹਾਂ ਸਿੱਖਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਤੁਰੰਤ ਭਾਰਤ ’ਚ ਵਸਾਉਣ ਦਾ ਪ੍ਰਬੰਧ ਕਰੇ।