ਦਵਿੰਦਰ ਪਾਲ
ਚੰਡੀਗੜ੍ਹ, 22 ਜੁਲਾਈ
ਪੰਜਾਬ ਵਿੱਚ ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੌਰਾਨ ਜਨਤਕ ਮੁੱਦਿਆਂ ’ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਮੁੱਦੇ ’ਤੇ ਪੁਲੀਸ ਦੀ ਦੋਗਲੀ ਨੀਤੀ ਸਾਹਮਣੇ ਆ ਰਹੀ ਹੈ। ਪੁਲੀਸ ਵੱਲੋਂ ਪਾਬੰਦੀਆਂ ਲਾਗੂ ਕਰਨ ਲਈ ਪਿਛਲੇ ਦਸ ਕੁ ਦਿਨਾਂ ਦੌਰਾਨ ਕੇਸ ਦਰਜ ਕਰਨ ਦੇ ਮਾਮਲੇ ਵਿੱਚ ਫ਼ਰਜ਼ ਨਿਭਾਉਣ ਦੀ ਥਾਂ ਮਨਮਰਜ਼ੀ ਕੀਤੀ ਗਈ। ਪੰਜਾਬ ਵਿੱਚ ਖੇਤੀ ਆਰਡੀਨੈਂਸਾਂ ਦੇ ਮਾਮਲੇ ’ਤੇ ਪਿਛਲੇ ਤਿੰਨ ਦਿਨਾਂ ਦੌਰਾਨ ਦਰਜਨ ਤੋਂ ਵੱਧ ਕਿਸਾਨ ਜਥੇਬੰਦੀਆਂ ਨੇ ਵੱਖੋ-ਵੱਖਰੇ ਰੂਪ ਵਿੱਚ ਸੂਬਾ ਪੱਧਰੀ ਸੰਘਰਸ਼ ਕੀਤੇ ਅਤੇ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਪੁਲੀਸ ਦੀ ਕਾਰਵਾਈ ਇਕਸਾਰ ਨਹੀਂ ਕਹੀ ਜਾ ਸਕਦੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਿਰੁੱਧ ਮੁਕਤਸਰ ਅਤੇ ਹੋਰਨਾਂ ਕਈ ਥਾਵਾਂ ’ਤੇ ਮਾਮਲੇ ਦਰਜ ਕੀਤੇ ਗਏ। ਇਸ ਦੌਰਾਨ 20 ਜੁਲਾਈ ਨੂੰ ਵੀ ਦੋ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਅਗਵਾਈ ਹੇਠ ਕਿਸਾਨਾਂ ਨੇ ਟਰੈਕਟਰਾਂ ’ਤੇ ਘਰਾਂ ’ਚੋਂ ਬਾਹਰ ਨਿਕਲ ਕੇ ਸੜਕਾਂ ’ਤੇ ਪ੍ਰਦਰਸ਼ਨ ਕੀਤੇ ਸਨ। ਸੀਨੀਅਰ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਉਕਤ ਦੋਹਾਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੌਰਾਨ ਕਿਸਾਨਾਂ ਨੇ ਨਿਯਮਾਂ ਦੀ ਪਾਲਣਾ ਕੀਤੀ ਸੀ, ਜਿਸ ਕਰ ਕੇ ਕਾਰਵਾਈ ਨਹੀਂ ਕੀਤੀ ਗਈ। ਊਨ੍ਹਾਂ ਕਿਹਾ ਕਿ ਪੁਲੀਸ ਸਿਰਫ਼ ਅਜਿਹੇ ਮਾਮਲਿਆਂ ਵਿੱਚ ਹੀ ਕਾਰਵਾਈ ਕਰਦੀ ਹੈ, ਜਿੱਥੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਵੀ ਤਿੰਨ ਦਿਨਾਂ ਤੋਂ ਪੰਜਾਬ ਦੇ ਪਿੰਡਾਂ ਵਿੱਚ ਖੇਤੀ ਆਰਡੀਨੈਂਸਾਂ ਵਿਰੁਧ ਸੰਘਰਸ਼ ਜਾਰੀ ਹਨ। ਉਧਰ, ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਪੁਲੀਸ ਅਤੇ ਸਰਕਾਰ ਵੱਲੋਂ ਕੀਤੀ ਕਾਰਵਾਈ ਕਿਸਾਨਾਂ ਦੇ ਮਨੋਬਲ ਨੂੰ ਨਹੀਂ ਡੇਗ ਸਕਦੀ ਅਤੇ ਜਨਤਕ ਮੁੱਦਿਆਂ ’ਤੇ ਸੰਘਰਸ਼ ਹਰ ਹੀਲੇ ਜਾਰੀ ਰੱਖੇ ਜਾਣਗੇ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਮੁਕਤਸਰ ਪੁਲੀਸ ਪ੍ਰਸ਼ਾਸਨ ਦੀ ਨਿਖੇਧੀ ਕਰਦਿਆਂ ਪੰਜਾਬ ਭਰ ਵਿੱਚ ਪੰਜਾਬ ਪੁਲੀਸ ਵੱਲੋਂ ਕਿਸਾਨ ਆਗੂਆਂ ਵਿਰੁਧ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਦੇ ਅਗਲੇ ਪੜਾਅ ਦੇ ਪੱਕੇ ਮੋਰਚੇ ਦਾ ਐਲਾਨ ਕਰਨ ਲਈ 25 ਜੁਲਾਈ ਨੂੰ ਸੂਬਾ ਕਮੇਟੀ ਦੀ ਮੀਟਿੰਗ ਅੰਮ੍ਰਿਤਸਰ ਵਿਚ ਸੱਦ ਲਈ ਗਈ ਹੈ। ਕਿਸਾਨ ਆਗੂਆਂ ਨੇ ਭਾਜਪਾ, ਅਕਾਲੀ ਦਲ ਤੇ ਕਾਂਗਰਸ ਨੂੰ ਇੱਕੋ ਰੱਸੇ ਨਾਲ ਬੰਨ੍ਹਦਿਆਂ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਦੀ ਅਸਲੀਅਤ ਪਛਾਨਣ ਦਾ ਸੱਦਾ ਦਿੱਤਾ। ਊਨ੍ਹਾਂ ਆਰਡੀਨੈਂਸ ਦਾ ਵਿਰੋਧ ਕਰ ਰਹੀਆਂ ਪੰਜਾਬ ਤੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਉਕਤ ਤਿੰਨੇ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਤੁਰੰਤ ਰੱਦ ਕਰਨ ਦੀ ਮੰਗ ਕੀਤੀ ਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਨੂੰ ਤਿੱਖੇ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।