ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲ੍ਹਾ ਵਿੱਚ 13 ਹਜ਼ਾਰ ਲਿਟਰ ਦੀ ਸਮਰੱਥਾ ਵਾਲੇ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ। ਇਸ ਪਲਾਂਟ ਦੀ ਸਥਾਪਨਾ ਨਾਲ ਸ਼੍ਰੋਮਣੀ ਕਮੇਟੀ ਦੇ ਹਸਪਤਾਲ ਆਕਸੀਜਨ ਲਈ ਸਵੈ-ਨਿਰਭਰ ਹੋ ਗਏ ਹਨ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਰੋਨਾ ਦੌਰਾਨ ਦੇਸ਼ ਭਰ ਵਿੱਚ ਆਕਸੀਜਨ ਦੀ ਪੈਦਾ ਹੋਈ ਕਿੱਲਤ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਆਪਣਾ ਆਕਸੀਜਨ ਪਲਾਂਟ ਲਗਾਉਣ ਦਾ ਫ਼ੈਸਲਾ ਕੀਤਾ ਸੀ, ਜਿਸ ਨੂੰ ਅੱਜ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਕਰੋਨਾ ਕਾਲ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਸਿਹਤ ਅਮਲੇ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਦਲਜੀਤ ਸਿੰਘ ਸੰਧੂ ਅਦਿ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਖਿਡਾਰੀ ਸੁਰਿੰਦਰ ਕੁਮਾਰ ਦਾ ਸਨਮਾਨ
ਅੰਮ੍ਰਿਤਸਰ: ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਸੁਰਿੰਦਰ ਕੁਮਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਇਹ ਚੈੱਕ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੌਂਪਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਸਮੇਂ ਵਿਸ਼ੇਸ਼ ਸਮਾਗਮ ਕਰ ਕੇ ਇੱਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਸੀ। ਇਸ ਸਮਾਗਮ ਸਮੇਂ ਖਿਡਾਰੀ ਸੁਰਿੰਦਰ ਕੁਮਾਰ ਨਹੀਂ ਪੁੱਜ ਸਕੇ ਸਨ, ਜਿਨ੍ਹਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਅਧਿਕਾਰੀ ਵੀ ਹਾਜ਼ਰ ਸਨ। -ਟਨਸ