ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਸਤੰਬਰ
ਪੰਜਾਬ ਦੇ ਈਟੀਟੀ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਈਟੀਟੀ ਅਧਿਆਪਕ ਯੂਨੀਅਨ ਵੱਲੋਂ 11 ਅਕਤੂਬਰ ਨੂੰ ਮੁੱਖ ਦਫ਼ਤਰ ਮੁਹਾਲੀ ਵਿੱਚ ਡੀਪੀਆਈ ਦੇ ਘਿਰਾਓ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਹਰ ਮੀਟਿੰਗ ਦੌਰਾਨ ਡੀਪੀਆਈ ਪ੍ਰਾਇਮਰੀ ਅਧਿਆਪਕਾਂ ਦੀਆਂ ਮੰਗਾਂ ’ਤੇ ਸਹਿਮਤੀ ਦਿੰਦੇ ਹੋਏ ਆਪਣੇ ਵੱਲੋਂ ਜ਼ਿਲ੍ਹਿਆਂ ਨੂੰ ਪੱਤਰ ਜਾਰੀ ਕਰਨ ਦਾ ਭਰੋਸਾ ਦਿਵਾਉਂਦੇ ਹਨ ਪਰ ਕਾਰਵਾਈ ਨਹੀਂ ਕਰਦੇ। ਜਥੇਬੰਦੀ ਦੇ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ ਅਤੇ ਜਨਰਲ ਸਕੱਤਰ ਹਰਜੀਤ ਸਿੰਘ ਸੈਣੀ ਨੇ ਕਿਹਾ ਕਿ 21 ਅਪਰੈਲ ਨੂੰ ਸਿੱਖਿਆ ਮੰਤਰੀ ਮੀਤ ਹੇਅਰ ਅਤੇ 26 ਅਗਸਤ ਨੂੰ ਮੌਜੂਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵੀ ਮੀਟਿੰਗਾਂ ਕਰ ਚੁੱਕੇ ਹਨ ਅਤੇ ਸਿੱਖਿਆ ਸਕੱਤਰ ਨੂੰ ਮੰਗ ਪੱਤਰ ਭੇਜ ਚੁੱਕੇ ਹਨ ਪਰ ਮੰਗਾਂ ਨਹੀਂ ਮੰਨੀਆਂ ਗਈਆਂ।