ਸੰਜੀਵ ਬੱਬੀ
ਚਮਕੌਰ ਸਾਹਿਬ, 9 ਜੂਨ
ਈਟੀਟੀ ਅਧਿਆਪਕ ਯੂਨੀਅਨ ਵੱਲੋਂ ਇੱਥੇ ਐੱਸਡੀਐੱਮ ਦਫ਼ਤਰ ਅੱਗੇ ਪੇਅ-ਕਮਿਸ਼ਨ ਲਾਗੂ ਕਰਵਾਉਣ ਅਤੇ ਡੀ.ਏ. ਦੇ ਬਕਾਏ ਦੇਣ ਸਮੇਤ ਬਦਲੀਆਂ ਲਾਗੂ ਕਰਵਾਉਣ ਦੇ ਸਬੰਧ ਵਿੱਚ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਅਧਿਆਪਕ ਆਗੂ ਗੁਰਪ੍ਰੀਤ ਸਿੰਘ ਕੈਂਬੋ, ਦਲੀਪ ਸਿੰਘ ਭੂਰੜੇ, ਬਲਜਿੰਦਰ ਸਿੰਘ ਸ਼ਾਂਤਪੁਰ, ਰਵਿੰਦਰ ਸਿੰਘ ਰਵੀ ਅਤੇ ਗਗਨਦੀਪ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ, ਜਿਨ੍ਹਾਂ ਵਿੱਚੋਂ ਅਜੇ ਤੱਕ ਇੱਕ ਵੀ ਪੂਰਾ ਨਹੀਂ ਕੀਤਾ, ਸਗੋਂ ਨੋਟੀਫਿਕੇਸ਼ਨ ਜਾਰੀ ਕਰਕੇ ਸਮਾਂ ਲੰਘਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਹਮੇਸ਼ਾ ਹੀ ਮੁਲਾਜ਼ਮਾਂ ਦੇ ਮਸਲਿਆਂ ਵਿੱਚ ਕੋਈ ਨਾ ਕੋਈ ਅੜਿੱਕਾ ਪੈਦਾ ਕਰ ਦਿੰਦੇ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਂਦੇ ਦਿਨਾਂ ਦੌਰਾਨ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮਨਪ੍ਰੀਤ ਬਾਦਲ ਦਾ ਉਨ੍ਹਾਂ ਦੇ ਹਲਕੇ ਵਿੱਚ ਜ਼ਬਰਦਸਤ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਹਰਪ੍ਰੀਤ ਕੌਰ, ਚਰਨਜੀਤ ਕੌਰ ਅਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ।
ਨੂਰਪੁਰਬੇਦੀ (ਅਵਿਨਾਸ਼ ਸ਼ਰਮਾ): ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨੇ ਸੂਬਾ ਪੱਧਰੀ ਫ਼ੈਸਲੇ ਅਨੁਸਾਰ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਅੱਜ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਬੈਂਸ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਮੁਲਾਜ਼ਮ ਵਿਰੋਧੀ ਪੱਤਰਾਂ ਦੀਆਂ ਕਾਪੀਆਂ ਫੂਕੀਆਂ ਗਈਆਂ।