ਰਵੇਲ ਸਿੰਘ ਭਿੰਡਰ
ਪਟਿਆਲਾ, 25 ਜੁਲਾਈ
ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸੈਂਕੜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਊ ਮੋਤੀ ਬਾਗ਼ ਪੈਲੇਸ ਵੱਲ ਵਿਸ਼ਾਲ ਰੋਸ ਮਾਰਚ ਕੱਢਿਆ, ਪਰ ਪੁਲੀਸ ਵੱਲੋਂ ਵਾਈਪੀਐੱਸ ਚੌਕ ਵਿੱਚ ਰੋਕੇ ਜਾਣ ’ਤੇ ਉਨ੍ਹਾਂ ਨੇ ਇੱਥੇ ਹੀ ਧਰਨਾ ਸ਼ੁਰੂ ਕਰ ਦਿੱਤਾ। 2364 ਈਟੀਟੀ ਸਿਲੈਕਟ ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਿਸ਼ਾਲ ਰੋਸ ਮਾਰਚ ਦਾ ਸੱਦਾ ਦਿੱਤਾ ਹੋਇਆ ਸੀ। ਸਿੱਖਿਆ ਸਕੱਤਰ, ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਪੜਾਅਵਾਰ ਮੀਟਿੰਗ ਕਰਵਾਉਣ ਦੇ ਦਿੱਤੇ ਭਰੋਸੇ ਮਗਰੋਂ ਬੇਰੁਜ਼ਗਾਰ ਅਧਿਆਪਕਾਂ ਨੇ ਧਰਨਾ ਚੁੱਕਿਆ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਦੀ ਅੱਠ ਮਹੀਨੇ ਪਹਿਲਾਂ ਸਕਰੂਟਨੀ ਹੋਈ ਹੈ, ਪਰ ਹੁਣ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਇਸ ਲਈ ਸਿਲੈਕਟ ਅਧਿਆਪਕਾਂ ਵੱਲੋਂ 17 ਦਿਨਾਂ ਤੋਂ ਮੁੱਖ ਮੰਤਰੀ ਦੇ ਸ਼ਹਿਰ ’ਚ ਪੱਕਾ ਮੋਰਚਾ ਲਾਇਆ ਹੋਇਆ ਹੈ। ਇਸ ਦੇ ਨਾਲ ਹੀ ਭੁੱਖ ਹੜਤਾਲ ਜਾਰੀ ਰੱਖੀ ਹੋਈ ਹੈ ਅਤੇ ਹਰ ਰੋਜ਼ ਪੰਜ ਵਾਲੰਟੀਅਰ ਭੁੱਖ ਹੜਤਾਲ ’ਤੇ ਬੈਠਦੇ ਹਨ।
ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪਹਿਲਾਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੋਲ ਲੱਗੇ ਪੱਕੇ ਮੋਰਚੇ ਤੋਂ ਵੱਡੇ ਕਾਫ਼ਲੇ ਦੇ ਰੂਪ ’ਚ ਬੱਸ ਸਟੈਂਡ ਤੱਕ ਰੋਸ ਰੈਲੀ ਕੀਤੀ ਗਈ, ਫਿਰ ਵਾਈਪੀਐੱਸ ਚੌਕ ’ਤੇ ਪਹੁੰਚ ਗਏ। ਇੱਥੇ ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਤਪਦੀ ਦੁਪਹਿਰ ’ਚ ਇੱਥੇ ਹੀ ਧਰਨਾ ਵਿੱਢ ਦਿੱਤਾ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਥੇਬੰਦੀ ਨੂੰ ਮਸਲੇ ਦੇ ਹੱਲ ਲਈ ਤਿੰਨ ਪੈਨਲ ਬੈਠਕਾਂ ਦਿੱਤੀਆਂ ਗਈਆਂ ਹਨ, ਜਿਹੜੀਆਂ 26 ਜੁਲਾਈ ਤੋਂ ਸ਼ੁਰੂ ਹੋਣਗੀਆਂ।