ਈਟੀਟੀ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ
ਈ ਟੀ ਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (6505) ਜੈ ਸਿੰਘ ਵਾਲਾ ਵੱਲੋਂ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿੜ੍ਹਬਾ ਸਥਿਤ ਦਫ਼ਤਰ ਅੱਗੇ ਪੋਲ ਖੋਲ੍ਹ ਰੈਲੀ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕਮਲ ਠਾਕੁਰ ਅਤੇ ਜਨਰਲ ਸਕੱਤਰ ਸੋਹਨ ਸਿੰਘ ਬਰਨਾਲਾ ਨੇ ਕਿਹਾ ਕਿ ਸੂਬੇ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਧਰਨੇ ਵਿੱਚ ਆ ਕੇ ਕਹਿੰਦੇ ਸਨ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ 180 ਦਾ ਮਸਲਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਬਣੀ ਨੂੰ ਸਾਢੇ ਤਿੰਨ ਸਾਲ ਹੋਣ ਦੇ ਬਾਵਜੂਦ ਅਧਿਆਪਕਾਂ ਨੂੰ ਲਾਰੇ ਹੀ ਲਾਏ ਜਾ ਰਹੇ ਹਨ। ਇਸ ਤੋਂ ਦੁਖੀ ਹੋ ਕੇ ਕਿਸਾਨਾਂ ਅਤੇ ਅਧਿਆਪਕ ਜਥੇਬੰਦੀਆਂ ਦੇ ਸਮਰਥਨ ਨਾਲ ਪੰਜਾਬ ਭਰ ਤੋਂ ਅਧਿਆਪਕ ਅੱਜ ਇੱਥੇ ਇਕੱਠੇ ਹੋਏ। ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂ ਆਪਣੀ ਰਿਪੋਰਟ ਵਿੱਚ ਸਾਰੀ ਗ਼ਲਤੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਕੱਢਣ ਉਪਰੰਤ ਵੀ ਵਿੱਤ ਮੰਤਰੀ ਵੱਲੋਂ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ ਹੈ।
ਅਧਿਆਪਕਾਂ ਦੇ ਰੋਸ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਤ ਮੰਤਰੀ ਨਾਲ ਜਥੇਬੰਦੀ ਦੇ ਆਗੂਆਂ ਦੀ 15 ਅਕਤੂਬਰ ਨੂੰ ਮੀਟਿੰਗ ਤੈਅ ਕਰਵਾਈ ਗਈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਜੇ ਸਰਕਾਰ ਨੇ ਮੀਟਿੰਗ ਵਿੱਚ ਕੋਈ ਸਾਰਥਕ ਹੱਲ ਨਾ ਕੱਢਿਆ ਤਾਂ 19 ਅਕਤੂਬਰ ਨੂੰ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਕਾਲੀ ਦੀਵਾਲੀ ਮਨਾਈ ਜਾਵੇਗੀ।
ਇਸ ਰੈਲੀ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਹੋਏ। ਬੀ ਕੇ ਯੂ ਏਕਤਾ (ਉਗਰਾਹਾਂ) ਦੇ ਕਿਸਾਨ ਆਗੂਆਂ ਨੇ ਵੀ ਵੱਡੀ ਗਿਣਤੀ ਵਿੱਚ ਪੁੱਜ ਕੇ ਉਨ੍ਹਾਂ ਵੱਲੋਂ ਯੂਨੀਅਨ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਜੇ ਉਨ੍ਹਾਂ ਦਾ ਮਸਲਾ ਹੱਲ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਹਲਕਾ ਦਿੜ੍ਹਬਾ ਵਿੱਚ ਵੱਡੀ ਪੱਧਰ ’ਤੇ ਗੁਪਤ ਐਕਸ਼ਨ ਕੀਤੇ ਜਾਣਗੇ। ਇਸ ਰੈਲੀ ਵਿੱਚ ਵਿੱਤ ਸਕੱਤਰ ਗੁਰਮੁਖ ਸਿੰਘ ਪਟਿਆਲਾ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਦੇਵੀ ਦਿਆਲ, ਫਕੀਰ ਸਿੰਘ ਟਿੱਬਾ, ਜੰਗਲਾਤ ਵਰਕਰ ਯੂਨੀਅਨ ਦੇ ਆਗੂ ਸਤਨਾਮ ਸਿੰਘ ਸੰਗਤੀਵਾਲਾ, ਪੈਨਸ਼ਨਰ ਆਗੂ ਦਰਸ਼ਨ ਸਿੰਘ ਰੋਗਲਾ, ਬੀ ਕੇ ਯੂ ਏਕਤਾ ਉਗਰਾਹਾਂ ਤੋਂ ਅਮਰੀਕ ਸਿੰਘ ਗੰਢੂਆਂ ਆਦਿ ਹਾਜ਼ਰ ਸਨ।