ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਅਕਤੂਬਰ
ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ 2364 ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਸੂਬਾ ਪੱਧਰੀ ‘ਮਰਨ ਵਰਤ’ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਸੁਰਿੰਦਰਪਾਲ ਗੁਰਦਾਸਪੁਰ ਅਤੇ ਸੁਖਚੈਨ ਸਿੰਘ ਮਾਨਸਾ ਲਗਾਤਾਰ ਦੂਜੇ ਦਿਨ ਵੀ ਮਰਨ ਵਰਤ ’ਤੇ ਬੈਠੇ ਰਹੇ। ਇਸ ਮੌਕੇ ਬੀਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਸਾਥੀਆਂ ਸਣੇ ਸ਼ਮੂਲੀਅਤ ਕਰ ਕੇ ਸੰਘਰਸ਼ ਦੀ ਹਮਾਇਤ ਕੀਤੀ।
ਮਰਤ ਵਰਤ ’ਤੇ ਬੈਠੇ ਬੇਰੁਜ਼ਗਾਰ ਅਧਿਆਪਕ ਭਰਤੀ ਬਹਾਲ ਕਰਾਉਣ ਲਈ ਸਰਕਾਰ ਵੱਲੋਂ ਅਦਾਲਤ ਵਿਚ ਹਲਫ਼ਨਾਮਾ ਦਾਇਰ ਕਰਨ ਦੀ ਮੰਗ ਕਰ ਰਹੇ ਹਨ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਕੈਪਟਨ ਸਰਕਾਰ ਸਮੇਂ ਉਹ ਪਟਿਆਲਾ ਵਿੱਚ 135 ਦਿਨ ਮੋਬਾਈਲ ਟਾਵਰ ’ਤੇ ਚੜ੍ਹਿਆ ਰਿਹਾ ਸੀ। ਉਦੋਂ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਫੋਨ ’ਤੇ ਕਿਹਾ ਸੀ ਕਿ ਜੇ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਕਿਸੇ ਵੀ ਬੇਰੁਜ਼ਗਾਰ ਨੂੰ ਨਾ ਤਾਂ ਟੈਂਕੀਆਂ/ਟਾਵਰਾਂ ’ਤੇ ਚੜ੍ਹਨਾ ਪਵੇਗਾ ਅਤੇ ਨਾ ਹੀ ਧਰਨੇ ਦੇਣੇ ਪੈਣਗੇ। ਉਨ੍ਹਾਂ ਕਿਹਾ ਕਿ ਪਰ ਹੁਣ ਭਗਵੰਤ ਮਾਨ ਮੁੱਖ ਮੰਤਰੀ ਬਣਨ ’ਤੇ ਕੀਤੇ ਵਾਅਦਿਆਂ ਬਾਰੇ ਚੁੱਪ ਨਹੀਂ ਤੋੜ ਰਹੇ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਭਰਤੀ ਬਹਾਲ ਕਰਾਉਣ ਲਈ ਹਲਮਨਾਮਾ ਦਾਇਰ ਨਹੀਂ ਕਰਦੀ ਉਦੋਂ ਤੱਕ ਮਰਨ ਵਰਤ ਜਾਰੀ ਰਹੇਗਾ।