ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ: ਮੁੱਖ ਮੰਤਰੀ ਮਾਨ
ਪੰਜਾਬ ਸਰਕਾਰ ਮੰਗਲਵਾਰ ਨੂੰ ਆਪਣੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਇਲਾਜ ਯਕੀਨੀ ਬਣਾਇਆ ਜਾਵੇਗਾ।
ਇਹ ਯੋਜਨਾ ਪਹਿਲਾਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ। ਜਿੱਥੇ ਕੱਲ੍ਹ ਤੋਂ ਦੋਵਾਂ ਜ਼ਿਲ੍ਹਿਆਂ ਵਿੱਚ 128-128 ਕੈਂਪ ਲਗਾਏ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਲੋਕਾਂ ਨੂੰ ਆਪਣੇ ਵੋਟਰ ਆਈ.ਡੀ. ਕਾਰਡ, ਆਧਾਰ ਕਾਰਡ ਅਤੇ ਪਾਸਪੋਰਟ ਦੀਆਂ ਕਾਪੀਆਂ ਰਜਿਸਟ੍ਰੇਸ਼ਨ ਫਾਰਮ ਦੇ ਨਾਲ ਉਨ੍ਹਾਂ ਨੂੰ ਜਮ੍ਹਾ ਕਰਨਾ ਪਵੇਗਾ, ਤਾਂ ਜੋ ਉਹ ਮੁਫ਼ਤ ਸਿਹਤ ਬੀਮਾ ਪ੍ਰਾਪਤ ਕਰਨ ਦੇ ਯੋਗ ਹੋ ਸਕਣ। ਉਨ੍ਹਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ।’’
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਪਹਿਲਾਂ ਹੀ ਇਸ ਯੋਜਨਾ ਵਿੱਚ ਸ਼ਾਮਲ ਹਨ, ਉੱਥੇ ਲਗਭਗ 500 ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ ਅਤੇ ਉਹ ਯੋਜਨਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਮੁਫ਼ਤ ਕੈਸ਼ਲੈੱਸ ਬੀਮਾ ਦੇਣਗੇ।
ਮਾਨ ਨੇ ਕਿਹਾ, ‘‘ਇੱਕ ਸਾਲ ਵਿੱਚ ਪਰਿਵਾਰ ਵਿੱਚ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ ਦੀ ਪਰਵਾਹ ਕੀਤੇ ਬਿਨਾਂ, ਹਰੇਕ ਪਰਿਵਾਰ 10 ਲੱਖ ਤੱਕ ਦੀਆਂ 2,000 ਬਿਮਾਰੀਆਂ ਦਾ ਮੁਫ਼ਤ ਇਲਾਜ ਕਰਵਾ ਸਕਦਾ ਹੈ।’’
ਮਾਨ ਨੇ ਇਹ ਵੀ ਐਲਾਨ ਕੀਤਾ ਕਿ ਉਹ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਮੌਜੂਦਾ 881 ਤੋਂ ਵਧਾ ਕੇ 1,000 ਕਰਨ ਜਾ ਰਹੇ ਹਨ।