ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ, 6 ਫਰਵਰੀ
ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨਮੋਲ ਗਗਨ ਮਾਨ ਦੀ ਚੋਣ ਮੁਹਿੰਮ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਦਲਵਿੰਦਰ ਸਿੰਘ ਬੈਨੀਪਾਲ ਨੇ ਸੰਭਾਲ ਲਈ ਹੈ। ਮੁੱਲਾਂਪੁਰ ਗਰੀਬਦਾਸ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ‘ਆਪ’ ਦੀ ਜਿੱਤ ਲਈ ਦਿਨ-ਰਾਤ ਇੱਕ ਕਰ ਦੇਣਗੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ‘ਆਪ’ ਉਮੀਦਵਾਰ ਦੇ ਹੱਕ ਵਿਚ ਭੁਗਤਣ ਦੀ ਅਪੀਲ ਕੀਤੀ। ਅਨਮੋਲ ਗਗਨ ਮਾਨ ਨੇ ਕਿਹਾ ਕਿ ਅਕਾਲੀ, ਭਾਜਪਾ ਤੇ ਕਾਂਗਰਸੀਆਂ ਤੋਂ ਹਰ ਵਰਗ ਦੁਖੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਪਿੰਡਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ। ‘ਆਪ’ ਦੀ ਸਰਕਾਰ ਆਉਣ ’ਤੇ ਹਰ ਵਰਗ ਦੇ ਮਸਲੇ ਹੱਲ ਕੀਤੇ ਜਾਣਗੇ।