ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਪਰੈਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤਾਂ ਸਬੰਧੀ ਮੁੱਦੇ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ। ਸਪੀਕਰ ਨਾਲ ਮੁਲਾਕਾਤ ਕਰਨ ਆਏ ਪ੍ਰਤਾਪ ਸਿੰਘ ਬਾਜਵਾ ਨੂੰ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਕਾਫੀ ਅਹਿਮ ਹੁੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਨਤਾ ਨਾਲ ਸਬੰਧਤ ਮੁੱਦਿਆਂ ’ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਸਫ਼ਲਤਾਪੂਰਵਕ ਚਲਾਉਣ ਲਈ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਸਮਰਥਨ ਦਿੱਤਾ ਜਾਵੇਗਾ। ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਨੂੰ ਭਰੋਸਾ ਦਿੱਤਾ ਕਿ ਉਹ ਵਿਧਾਨ ਸਭਾ ਦਾ ਸਦਨ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ।