ਪੱਤਰ ਪ੍ਰੇਰਕ
ਹੁਸ਼ਿਆਰਪੁਰ, 23 ਨਵੰਬਰ
ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਅੱਜ ਇੱਥੇ ਕਿਹਾ ਕਿ ਰਾਜਨੀਤਕ ਇੱਛਾ ਸ਼ਕਤੀ ਨਾਲ ਅਸੰਭਵ ਨੂੰ ਸੰਭਵ ਕਰ ਕੇ ਵਿਖਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਨੇ ਜਿਵੇਂ ਦਿੱਲੀ ਵਿਚ ਕਈ ਚੁਣੌਤੀਆਂ ਪਾਰ ਕਰ ਕੇ ਹਰ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਿਖਾਈ, ਉਸੇ ਤਰ੍ਹਾਂ ਪੰਜਾਬ ਵਿਚ ਸਰਕਾਰ ਬਣਨ ’ਤੇ ਆਪਣੀ ਇੱਛਾ ਸ਼ਕਤੀ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮਾਡਲ ਦੀ ਕਾਫ਼ੀ ਚਰਚਾ ਹੁੰਦੀ ਹੈ ਪਰ ਇਹ ਮਾਡਲ ਪੰਜਾਬ ਵਿਚ ਨਹੀਂ ਲਿਆਂਦਾ ਜਾ ਸਕਦਾ। ਦਿੱਲੀ ਤੋਂ ਪ੍ਰੇਰਨਾ ਲੈ ਕੇ ਇੱਥੋਂ ਦੇ ਹਾਲਾਤ ਅਨੁਸਾਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
ਵਪਾਰੀਆਂ ਦੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਹੀ ਨਜ਼ਰੀਏ ਤੋਂ ਸੁਲਝਾਈਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਦਿੱਲੀ ਵਿਚ ਬਿਨਾਂ ਟੈਕਸ ਵਧਾਇਆਂ ਮਾਲੀਆ ਇਕੱਠਾ ਕੀਤਾ ਗਿਆ, ਉਸੇ ਤਰ੍ਹਾਂ ਪੰਜਾਬ ਵਿਚ ਬਿਨਾਂ ਟੈਕਸ ਦਾਤਾਵਾਂ ’ਤੇ ਵਾਧੂ ਬੋਝ ਪਾਇਆਂ ‘ਆਮ ਆਦਮੀ’ ਦਾ ਜੀਵਨ ਸੌਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਅਜਿਹੇ ਆਗੂਆਂ ਦੀ ਲੋੜ ਹੈ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਇੱਛਾ ਸ਼ਕਤੀ ਰੱਖਦੇ ਹੋਣ। ਸਮਾਗਮ ਦੌਰਾਨ ਵਪਾਰੀਆਂ ਤੇ ਸਨਅਤਕਾਰਾਂ ਨੇ ਸ੍ਰੀ ਸਿਸੋਦੀਆ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ ਅਤੇ ਇਨ੍ਹਾਂ ਦਾ ਹੱਲ ਮੰਗਿਆ।