ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 29 ਅਗਸਤ
ਗੁਰੂ ਗ੍ਰੰਥ ਸਾਹਿਬ ਦਾ 314ਵਾਂ ਸੰਪੂਰਨਤਾ ਦਿਵਸ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਮਗਰੋਂ ਕਥਾ ਵਾਚਕ ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਭਾਈ ਮਾਨ ਸਿੰਘ ਨੇ ਕਥਾ ਕੀਤੀ।
ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ ਅਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਤੋਂ ਗੁਰੂ ਗ੍ਰੰਥ ਸਾਹਿਬ ਦੀ ਕਰਵਾਈ ਸੰਪੂਰਨਤਾ, ਗੁਰੂ ਜੀ ਵੱਲੋਂ ਇੱਥੇ ਰਹਿੰਦਿਆਂ ਇਸ ਧਰਤੀ ਨੂੰ ਦਿੱਤੇ ਅਨੇਕਾਂ ਵਰਦਾਨਾਂ ਅਤੇ ਇੱਥੋਂ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗ ਕੇ ਹੀ ਮਨੁੱਖੀ ਜੀਵਨ ਸੰਵਾਰਿਆ ਜਾ ਸਕਦਾ ਹੈ।
ਇਸ ਮੌਕੇ ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਇਆ।