ਗੁਰਬਖਸ਼ਪੁਰੀ
ਤਰਨ ਤਾਰਨ, 29 ਅਗਸਤ
ਕਾਂਗਰਸ ਦੇ ਸੀਨੀਅਰ ਆਗੂ ਅਤੇ ਤਰਨ ਤਾਰਨ ਤੋਂ ਸਾਬਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਸ਼ੇਰੋਂ ਦੇ ਸ਼ਮਸ਼ਾਨਘਾਟ ਵਿੱਚ ਬਿਨਾਂ ਸਰਕਾਰੀ ਸਨਮਾਨਾਂ ਦੇ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਦੀ ਦੇਹ ਕਾਂਗਰਸ ਪਾਰਟੀ ਦੇ ਝੰਡੇ ਵਿੱਚ ਲਪੇਟ ਕੇ ਤਰਨ ਤਾਰਨ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਇਕ ਟਰੈਕਟਰ-ਟਰਾਲੀ ਵਿੱਚ ਕਾਫਲੇ ਦੇ ਰੂਪ ਵਿੱਚ ਸ਼ਮਸ਼ਾਨਘਾਟ ਤੱਕ ਲਿਆਂਦੀ ਗਈ, ਜਿੱਥੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਡਾ. ਅਗਨੀਹੋਤਰੀ ਦੇ ਪੁੱਤਰ ਸੰਦੀਪ ਅਗਨੀਹੋਤਰੀ ਨੇ ਦਿਖਾਈ| ਇਸ ਮੌਕੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਰਾਣਾ ਗੁਰਜੀਤ ਸਿੰਘ, ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਹਰਦੇਵ ਸਿੰਘ ਲਾਡੀ ਤੇ ਅਕਾਲੀ ਆਗੂ ਹਰਮੀਤ ਸਿੰਘ ਸੰਧੂ ਸਮੇਤ ਹੋਰ ਕਈ ਸ਼ਖਸੀਅਤਾਂ ਹਾਜ਼ਰ ਸਨ, ਜਿਨ੍ਹਾਂ ਡਾ. ਅਗਨੀਹੋਤਰੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਡਾ. ਧਰਮਬੀਰ ਅਗਨੀਹੋਤਰੀ ਸ਼ੇਰੋਂ ਪਿੰਡ ਦੇ ਸਰਪੰਚ ਵੀ ਰਹੇ ਸਨ ਅਤੇ ਉਹ ਇੱਥੇ ਹੀ ਦਹਾਕਿਆਂ ਤੱਕ ਮੈਡੀਕਲ ਪ੍ਰੈਕਟਿਸ ਕਰਦੇ ਰਹੇ| ਜ਼ਿਕਰਯੋਗ ਹੈ ਕਿ ਡਾ. ਅਗਨੀਹੋਤਰੀ ਦਾ ਲੰਘੇ ਸ਼ਨਿਚਰਵਾਰ ਨੂੰ ਅੰਮ੍ਰਿਤਸਰ ’ਚ ਦੇਹਾਂਤ ਹੋ ਗਿਆ ਸੀ।