ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਕਤੂਬਰ
ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ, ਬਾਗਬਾਨੀ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਸਬੰਧੀ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਸਰਹੱਦੀ ਸੂਬੇ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਰਗੇ ਗੁਆਂਢੀ ਸੂਬਿਆਂ ਨੂੰ ਪੂੰਜੀ ਨਿਵੇਸ਼ ਸਬਸਿਡੀ ਲਈ ਵਿਸ਼ੇਸ਼ ਪੈਕੇਜ ਦਿੱਤਾ ਗਿਆ ਜਦਕਿ ਪੰਜਾਬ ਵਿੱਚ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਕਰ ਕੇ ਵੱਡਾ ਝਟਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 25,000 ਵਰਗ ਕਿਲੋਮੀਟਰ ਸਰਹੱਦੀ ਪੱਟੀ ਸੁਰੱਖਿਆ ਦਸਤੇ ਦੇ ਅਧਿਕਾਰ ਖੇਤਰ ਅਧੀਨ ਹੈ ਤਾਂ ਨਿਵੇਸ਼ਕ ਇਸ ਖੇਤਰ ਵਿੱਚ ਨਿਵੇਸ਼ ਕਿਉਂ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ।