ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਫਰਵਰੀ
ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਲਗਾਤਾਰ ਚੌਥੇ ਦਿਨ ਵੀ ਇਥੇ ਡੀਸੀ ਕੰਪਲੈਕਸ ਦੇ ਆਡੀਟੋਰੀਅਮ ਹਾਲ ਅੰਦਰ ਬੇਮਿਆਦੀ ਰੋਸ ਧਰਨੇ ’ਤੇ ਡਟੇ ਰਹੇ। ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨਾਂ ’ਚ ਰੋਸ ਹੈ ਕਿ ਕੇਂਦਰ ਸਰਕਾਰ ਨੇ ਤਾਂ ਕਿਸਾਨਾਂ ਦੀ ਸਾਰ ਕੀ ਲੈਣੀ ਹੈ, ਸਗੋਂ ਪੰਜਾਬ ਸਰਕਾਰ ਵੀ ਕਿਸਾਨਾਂ ਦਾ ਦੁੱਖ ਦਰਦ ਨਹੀਂ ਸੁਣ ਰਹੀ। ਪ੍ਰਦਰਸ਼ਨਕਾਰੀ ਕਿਸਾਨ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਧੋਖੇ ਵਿੱਚ ਰੱਖ ਕੇ ਐੱਨਐੱਚਆਈਏ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਰੱਖਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਜ਼ਮੀਨ ਐਕੁਆਇਰ ਕਰਨ ਸਮੇਤ ਐਕਸਪ੍ਰੈੱਸ ਵੇਅ ਦੀ ਸਮੁੱਚੀ ਕਾਰਵਾਈ ਉਪਰ ਕਿਸਾਨ ਅੰਦੋਲਨ ਜਾਰੀ ਰਹਿਣ ਤਕ ਮੁਕੰਮਲ ਰੋਕ ਲਾਈ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਭਲਕੇ ਪਹਿਲੀ ਮਾਰਚ ਨੂੰ ਐਕਸਪ੍ਰੈੱਸ ਵੇਅ ਨਾਲ ਸਬੰਧਤ ਪੰਜਾਬ ਭਰ ਦੇ ਕਿਸਾਨ ਸੰਗਰੂਰ ਪੁੱਜ ਕੇ ਰੋਸ ਪ੍ਰਦਰਸ਼ਨ ਕਰਨਗੇ।
ਸੰਘਰਸ਼ ਕਮੇਟੀ ਦੇ ਸੂਬਾ ਕੋਆਰਡੀਨੇਟਰ ਤੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਡਿੱਕੀ ਜੇਜੀ ਨੇ ਕਿਹਾ ਕਿ ਪਿਛਲੇ ਚਾਰ ਦਿਨਾਂ ਤੋਂ ਨਾ ਤਾਂ ਸਰਕਾਰ ਦੇ ਕਿਸੇ ਨੁਮਾਇੰਦੇ ਅਤੇ ਨਾ ਹੀ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਨੇ ਕਿਸਾਨਾਂ ਦੀ ਸਾਰ ਲਈ ਹੈ, ਜਿਸ ਕਾਰਨ ਕਿਸਾਨਾਂ ’ਚ ਭਾਰੀ ਰੋਸ ਹੈ ਅਤੇ ਇਸੇ ਕਾਰਨ ਹੀ ਭਲਕੇ ਪਹਿਲੀ ਮਾਰਚ ਨੂੰ ਪੰਜਾਬ ਭਰ ਦੇ ਕਿਸਾਨ ਇਥੇ ਪੁੱਜ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮਿਤੀ 23 ਨਵੰਬਰ 2020 ਨੂੰ ਲੈਂਡ ਐਕੁਜੇਸ਼ਨ ਅਫ਼ਸਰ ਸੰਗਰੂਰ ਵੱਲੋਂ ਪਾਸ ਕੀਤਾ ਗਿਆ ਪਿੰਡ ਸੰਤੋਖਪੁਰੇ ਦਾ ਅਵਾਰਡ ਨੰਬਰ-1 ਤੁਰੰਤ ਰੱਦ ਕੀਤਾ ਜਾਵੇ ਕਿਉਂਕਿ ਇਹ ਕਾਨੂੰਨ ਅਨੁਸਾਰ ਪਾਸ ਨਹੀਂ ਕੀਤਾ ਗਿਆ ਅਤੇ ਨਾ ਹੀ ਪਾਸ ਕਰਨ ਤੋਂ ਪਹਿਲਾਂ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਿਸਾਨਾਂ ਨਾਲ ਕੋਈ ਮੀਟਿੰਗ ਕੀਤੀ ਗਈ।
ਉਨ੍ਹਾਂ ਮੰਗ ਕੀਤੀ ਕਿ ਜਿੰਨੀ ਦੇਰ ਐਕੁਆਇਰ ਹੋਣ ਵਾਲੀ ਜ਼ਮੀਨ ਦੇ ਯੋਗ ਮੁਆਵਜ਼ੇ ਲਈ ਕਿਸਾਨਾਂ ਨਾਲ ਆਪਸੀ ਸਹਿਮਤੀ ਨਹੀਂ ਬਣ ਜਾਂਦੀ, ਉਦੋਂ ਤਕ ਸਾਰੀਆਂ ਕਾਰਵਾਈਆਂ ਮੁਅੱਤਲ ਕੀਤੀਆਂ ਜਾਣ ਅਤੇ ਕਿਸਾਨਾਂ ਨੂੰ ਧੋਖੇ ਵਿੱਚ ਰੱਖ ਕੇ ਮੀਟਿੰਗਾਂ ਬੁਲਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।