ਮਹਿੰਦਰ ਸਿੰਘ ਰੱਤੀਆਂ
ਮੋਗਾ, 29 ਜੂਨ
ਕਿਸਾਨਾਂ ਨੇ ਬਠਿੰਡਾ ਐਕਸਪ੍ਰੈਸ ਵੇਅ ਲਈ ਜ਼ਮੀਨਾਂ ਐਕੁਆਇਰ ਕਰ ਕੇ ਬਣਦਾ ਮੁੱਲ ਨਾ ਦੇਣ ਖ਼ਿਲਾਫ਼ ਜ਼ਿਲ੍ਹਾ ਸਕੱਤਰੇਤ ਅੱਗੇ ਮੁਜ਼ਾਹਰਾ ਕੀਤਾ। ਰੋਡ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਪੀੜਤ ਕਿਸਾਨਾਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮਾਮਲੇ ਦੇ ਹੱਲ ਦਾ ਭਰੋਸਾ ਦਿੱਤਾ ਗਿਆ ਜਿਸ ਤੋਂ ਬਾਅਦ ਕਿਸਾਨਾਂ ਨੇ ਸੰਘਰਸ਼ 5 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ।
ਇਸ ਮੌਕੇ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਗੁਰਦਿਆਲ ਸਿੰਘ ਬੁੱਟਰ, ਹਰਮਨਪ੍ਰੀਤ ਸਿੰਘ ਵਿੱਕੀ ਜੇਜੀ, ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਹੁੰਦਲ, ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ, ਪਰਮਜੀਤ ਸਿੰਘ ਡਾਲਾ ਤੇ ਤਾਰਨ ਤਾਰਨ, ਮਾਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀਆਂ ਕੌਡੀਆਂ ਦੇ ਭਾਅ ਜ਼ਮੀਨਾਂ ਖਰੀਦ ਕੇ ਅੰਬਾਨੀ ਤੇ ਅਡਾਨੀ ਦੇ ਕਾਰੋਬਾਰ ਵਧਾਉਣ ਲਈ ਜਾਮ ਨਗਰ ਬੰਦਰਗਾਹ ਤੱਕ ਐਕਸਪ੍ਰੈਸ ਵੇਅ ਬਣਾਇਆ ਜਾ ਰਿਹਾ ਹੈ। ਇਹ ਐਕਸਪ੍ਰੈਸ ਵੇਅ ਪੰਜਾਬ ਦੇ ਛੋਟੇ ਕਿਸਾਨਾਂ ਨੂੰ ਤਬਾਹ ਕਰਕੇ ਰੱਖ ਦੇਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਨਸਾਫ਼ ਦਾ ਭਰੋਸਾ ਦਿੱਤਾ ਗਿਆ ਹੈ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 5 ਜੁਲਾਈ ਨੂੰ ਸਕੱਤਰੇਤ ਅੱਗੇ ਧਰਨਾ ਤੇ ਫ਼ਿਰੋਜ਼ਪੁਰ ਕੌਮੀ ਮਾਰਗ ਨੂੰ ਜਾਮ ਕੀਤਾ ਜਾਵੇਗਾ।
ਅਡਾਨੀ ਗਰੁੱਪ ਦੀ ਗੈਸ ਪਾਈਪ ਲਾਈਨ ਵਿਛਾਉਣ ਦਾ ਵਿਰੋਧ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਅਡਾਨੀ ਗਰੁੱਪ ਵੱਲੋਂ ਪੰਜਾਬ ਵਿੱਚ ਵਿਛਾਈ ਜਾ ਰਹੀ ਐੱਲਪੀਜੀ ਗੈਸ ਪਾਈਪ ਲਾਈਨ ਦਾ ਕੰਮ ਬੰਦ ਕਰਵਾਉਣ ਲਈ ਗੈਸ ਏਜੰਸੀਆਂ ਦੇ ਡੀਲਰਾਂ ਨੇ ਸੂਬਾ ਸਰਕਾਰ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਈਪ ਲਾਈਨ ਰਾਹੀਂ ਗੈਸ ਸਪਲਾਈ ਹੋਣ ਤੋਂ ਬਾਅਦ ਪੰਜਾਬ ਦੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਜਾਣਗੇ। ਉਧਰ ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਘੁੰਮਣ, ਅਵਤਾਰ ਸਿੰਘ ਭੀਖੋਵਾਲ ਤੇ ਵਾਈਸ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਹੋਣ ਤੱਕ ਜੇ ਅਡਾਨੀ ਗਰੁੱਪ ਦੀ ਗੈਸ ਪਾਈਪ ਲਾਈਨ ਦਾ ਕੰਮ ਨਾ ਰੋਕਿਆ ਤਾਂ ਕਿਸਾਨ ਆਪਣੇ ਖੇਤਾਂ ਵਿੱਚੋਂ ਪਾਈਨ ਲਾਈਨ ਨਹੀਂ ਲੰਘਣ ਦੇਣਗੇ।ਆਲ ਇੰਡੀਆ ਐੱਲਪੀਜੀ ਡਿਸਟਰੀਬਿਊਟਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਹਰਸਿਮਰਜੀਤ ਕੌਰ ਦੀ ਅਗਵਾਈ ਵਿੱਚ ਜਥੇਬੰਦੀ ਦਾ ਵਫਦ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਮਿਲਿਆ। ਪ੍ਰਧਾਨ ਹਰਸਿਮਰਜੀਤ ਕੌਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਾਰਪੋਰੇਟ ਘਰਾਣਿਆਂ ਵੱਲੋਂ ਕੀਤੀ ਜਾਣ ਵਾਲੀ ਲੁੱਟ ਤੋਂ ਆਮ ਲੋਕਾਂ ਨੂੰ ਬਚਾਇਆ ਜਾਵੇ।