ਰਾਜਨ ਮਾਨ
ਰਮਦਾਸ, 9 ਅਪਰੈਲ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਰਾਵੀ ਦਰਿਆ ਨੇੜੇ ਵਸੇ ਸਰਹੱਦੀ ਪਿੰਡਾਂ ਦਾ ਦੌਰਾ ਕਰ ਕੇ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੰਮ ਵਿੱਚ ਕੁਤਾਹੀ ਕਰਨ ਵਾਲੇ ਅਫ਼ਸਰ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣਗੇ।
ਧਾਲੀਵਾਲ ਨੇ ਅੱਜ ਸਰਹੱਦੀ ਇਲਾਕੇ ਦੇ ਸਾਰੰਗਦੇਵ, ਛੰਨਾ ਸਾਰੰਗਦੇਵ, ਡੱਲਾ ਕੱਚਾ, ਡੱਲਾ ਪੱਕਾ, ਭੂਤਨਪੁਰਾ, ਤਲਵੰਡੀ ਸਮੇਤ ਹੋਰ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਦਰਾਂ ’ਤੇ ਆਈ ਹੈ। ਲੋਕਾਂ ਨੂੰ ਘਰ ਬੈਠੇ ਹਰ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਬੈਠਣ ਦੀ ਜਗ੍ਹਾ ਲੋਕਾਂ ਵਿੱਚ ਜਾ ਕੇ ਯੋਜਨਾਵਾਂ ਤਿਆਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਲੋਕਾਂ ਕੋਲ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਤੇ ਉਨ੍ਹਾਂ ਦਾ ਹੱਲ ਕਰਨ।
ਸਰਹੱਦੀ ਪਿੰਡ ਛੰਨਾ ਸਾਰੰਗਦੇਵ ਦੇ ਲੋਕਾਂ ਨੇ ਕੈਬਨਿਟ ਮੰਤਰੀ ਨੂੰ ਪਿੰਡ ਦੀਆਂ ਗਲੀਆਂ ਅਤੇ ਘਰਾਂ ਵਿੱਚ ਖੜ੍ਹਾ ਗੰਦਾ ਪਾਣੀ ਦਿਖਾਉਂਦਿਆਂ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕਿਹਾ। ਕੈਬਨਿਟ ਮੰਤਰੀ ਨੇ ਉਨ੍ਹਾਂ ਦਾ ਮਸਲਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਸ੍ਰੀ ਧਾਲੀਵਾਲ ਨੇ ਕਿਹਾ ਕਿ ਲੋਕਾਂ ਨੇ ਵੱਡੀ ਗਿਣਤੀ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਪਾਰਟੀ ਆਗੂ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਮਨਰੇਗਾ ਅਤੇ ਸੈਲਫ ਹੈਲਪ ਗਰੁੱਪ ਸਕੀਮਾਂ ਨਾਲ ਵੱਧ ਤੋਂ ਵੱਧ ਲੋਕ ਜੋੜਨ ਦੇ ਹੁਕਮ ਦਿੱਤੇ।