ਸ਼ਗਨ ਕਟਾਰੀਆ
ਬਠਿੰਡਾ, 25 ਸਤੰਬਰ
ਵਿਜੀਲੈਂਸ ਬਿਊਰੋ ਬਠਿੰਡਾ ਨੇ ਭਾਜਪਾ ਨੇਤਾ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ’ਤੇ ਐੱਫਆਈਆਰ ਦਰਜ ਕੀਤੀ ਹੈ, ਜਿਨ੍ਹਾਂ ਵਿੱਚ ਦੋ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਇਹ ਕਾਰਵਾਈ ਬਠਿੰਡਾ ’ਚ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਮਰਸ਼ੀਅਲ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ ਵਿਚ ਤਬਦੀਲ ਕਰ ਕੇ ਖ਼ਰੀਦੋ-ਫ਼ਰੋਖ਼ਤ ਕਰਨ ’ਤੇ ਕੀਤੀ ਗਈ ਹੈ। ਬੀਤੀ ਸ਼ਾਮ ਵਿਜੀਲੈਂਸ ਨੇ ਇਸ ਸਬੰਧ ’ਚ ਦੋ ਵਿਅਕਤੀਆਂ ਰਾਜੀਵ ਕੁਮਾਰ ਅਤੇ ਅਮਨਦੀਪ ਨੂੰ ਹਿਰਾਸਤ ’ਚ ਲਿਆ ਸੀ ਤੇ ਅੱਜ ਵਿਕਾਸ ਕੁਮਾਰ ਨੂੰ ਕਿਸੇ ਰਾਜ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫਤਾਰੀ ਕਿਸੇ ਸਮੇਂ ਹੋ ਸਕਦੀ ਹੈ। ਵਿਜੀਲੈਂਸ ਵੱਲੋਂ ਕੇਸ ’ਚ ਨਾਮਜ਼ਦ ਵਿਅਕਤੀਆਂ ਦੀ ਜਲਦੀ ਤੋਂ ਜਲਦੀ ਗ੍ਰਿਫ਼ਤਾਰੀ ਕਰਨ ਲਈ ਕਾਰਵਾਈ ਜਾਰੀ ਹੈ। ਪਤਾ ਲੱਗਾ ਹੈ ਕਿ ਵਿਜੀਲੈਂਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਟਿਕਾਣਿਆਂ ’ਤੇ ਛਾਪੇ ਜਾਰੀ ਹਨ। ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਅਦਾਲਤ ’ਚ ਅਰਜ਼ੀ ਦਾਖ਼ਲ ਕੀਤੀ ਗਈ ਹੈ, ਜਿਸ ’ਤੇ ਭਲਕੇ 26 ਸਤੰਬਰ ਨੂੰ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਬਠਿੰਡਾ ਦੀ ਅਦਾਲਤ ਵਿਚ ਸੁਣਵਾਈ ਹੋਣੀ ਹੈ। ਅਰਜ਼ੀ ਨਾਲ ਉਹ ਵੀਡੀਓ ਕਲਿੱਪ ਵੀ ਨੱਥੀ ਕੀਤੀ ਗਈ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਪ੍ਰੀਤ ਬਾਦਲ ਬਾਰੇ ਜ਼ਿਕਰ ਕੀਤਾ ਗਿਆ ਸੀ। ਸ੍ਰੀ ਬਾਦਲ ਵੱਲੋਂ ਵੀਡੀਓ ਦੇ ਆਧਾਰ ’ਤੇ ਉਨ੍ਹਾਂ ਨੂੰ ਸਿਆਸੀ ਰੰਜਿਸ਼ ਤਹਿਤ ਫਸਾਉਣ ਦੇ ਇਲਜ਼ਾਮ ਲਾਏ ਗਏ ਹਨ। ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਵੱਲੋਂ ਕਈ ਟੀਮਾਂ ਬਣਾਈਆਂ ਗਈਆਂ ਹਨ। ਖ਼ੁਫ਼ੀਆ ਵਿੰਗ ਤੋਂ ਵੀ ਮੱਦਦ ਲਈ ਜਾ ਰਹੀ ਹੈ। ਖ਼ੁਫ਼ੀਆ ਵਿੰਗ ਦੇ ਮੁਖੀ ਵੀ ਵਿਜੀਲੈਂਸ ਚੀਫ਼ ਹੀ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ (ਸ਼ਹਿਰੀ) ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪਲਾਟਾਂ ਦੀ ਖ਼ਰੀਦ ਮਾਮਲੇ ’ਚ ਬੇਨਿਯਮੀਆਂ ਦੇ ਦੋਸ਼ ਲਾ ਕੇ ਕੈਪਟਨ ਸਰਕਾਰ ਵਕਤ ਉਦੋਂ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਲੋਕਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਬਾਅਦ ’ਚ ਇਹ ਸ਼ਿਕਾਇਤ ਵਿਜੀਲੈਂਸ ਕੋਲ ਪਹੁੰਚੀ ਦੇ ਤਾਂ ਵਿਜੀਲੈਂਸ ਵੱਲੋਂ ਕੁੱਝ ਸਮਾਂ ਪਹਿਲਾਂ ਮਨਪ੍ਰੀਤ ਬਾਦਲ ਨੂੰ ਪੁੱਛਪੜਤਾਲ ਲਈ ਬਠਿੰਡਾ ਸਥਿਤ ਦਫ਼ਤਰ ਵਿਚ ਬੁਲਾਇਆ ਗਿਆ ਸੀ।