ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 25 ਅਗਸਤ
ਮੁਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਸਬੰਧੀ ਕੇਸ ਦਾ ਨਬਿੇੜਾ ਕਰਦਿਆਂ ਪੰਜਾਬ ਪੁਲੀਸ ਦੇ ਡੀਐੱਸਪੀ (ਸੇਵਾਮੁਕਤ) ਕ੍ਰਿਸ਼ਨ ਸਿੰਘ ਅਤੇ ਸਬ ਇੰਸਪੈਕਟਰ (ਸੇਵਾਮੁਕਤ) ਤਰਸੇਮ ਲਾਲ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਦੀ ਸਜ਼ਾ ਅਤੇ 2-2 ਲੱਖ ਰੁਪਏ ਜੁਰਮਾਨਾ ਕੀਤਾ ਹੈ। ਅਦਾਲਤ ਨੇ ਜੁਰਮਾਨੇ ਦੀ ਰਾਸ਼ੀ ’ਚੋਂ ਤਿੰਨੋਂ ਪੀੜਤ ਪਰਿਵਾਰਾਂ ਨੂੰ 1-1 ਲੱਖ ਰੁਪਏ ਮੁਆਵਜ਼ਾ ਦੇਣ ਦੇ ਵੀ ਹੁਕਮ ਜਾਰੀ ਕੀਤੇ ਹਨ।
ਪੀੜਤ ਪਰਿਵਾਰਾਂ ਦੇ ਵਕੀਲ ਸਰਬਜੀਤ ਸਿੰਘ ਨੇ ਦੱਸਿਆ ਕਿ 30 ਸਾਲ ਪਹਿਲਾਂ ਮੱਧ ਪ੍ਰਦੇਸ਼ ਪੁਲੀਸ ਨੇ ਸੱਤ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਨ੍ਹਾਂ ’ਚੋਂ ਪੰਜ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਸਰ ਪੁਲੀਸ ਪੰਜਾਬ ਲੈ ਆਈ ਸੀ। ਪੁਲੀਸ ਅਨੁਸਾਰ ਸਿੱਖ ਨੌਜਵਾਨਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਿਸੇ ਥਾਂ ਹਥਿਆਰ ਛੁਪਾ ਕੇ ਰੱਖੇ ਹੋਏ ਸਨ ਅਤੇ 13 ਦਸੰਬਰ 1992 ਦੀ ਰਾਤ ਵੇਲੇ ਪੁਲੀਸ ਇਨ੍ਹਾਂ ਨੌਜਵਾਨਾਂ ਨੂੰ ਹਥਿਆਰ ਬਰਾਮਦ ਕਰਵਾਉਣ ਲਈ ਲੈ ਕੇ ਜਾ ਰਹੀ ਸੀ ਪਰ ਧਰਦਿਓ ਪਿੰਡ (ਅੰਮ੍ਰਿਤਸਰ) ਨੇੜੇ ਖਾੜਕੂਆਂ ਨੇ ਪੁਲੀਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਇਸ ਮੁਕਾਬਲੇ ਵਿੱਚ ਤਿੰਨ ਸਿੱਖ ਨੌਜਵਾਨਾਂ ਸਾਹਿਬ ਸਿੰਘ, ਦਲਬੀਰ ਸਿੰਘ ਅਤੇ ਬਲਵਿੰਦਰ ਸਿੰਘ ਸਮੇਤ ਇੱਕ ਹੋਰ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਬਾਰੇ ਪੁਲੀਸ ਦਾ ਕਹਿਣਾ ਸੀ ਕਿ ਇਹ ਅਣਪਛਾਤਾ ਨੌਜਵਾਨ ਪੁਲੀਸ ’ਤੇ ਹਮਲਾ ਕਰਨ ਵਾਲਾ ਖਾੜਕੂ ਸੀ। ਜਦੋਂਕਿ ਪੀੜਤ ਪਰਿਵਾਰਾਂ ਦਾ ਦੋਸ਼ ਸੀ ਕਿ ਪੁਲੀਸ ਨੇ ਉਨ੍ਹਾਂ ਦੇ ਮੁੰਡਿਆਂ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਹੈ। ਪੀੜਤ ਪਰਿਵਾਰ ਇਨਸਾਫ਼ ਲਈ ਅਪੀਲ ਕਰਦੇ ਰਹੇ ਪਰ ਉਨ੍ਹਾਂ ਦੀ ਸੁਣੀ ਨਹੀਂ ਗਈ। ਬਾਅਦ ਵਿੱਚ ਉਨ੍ਹਾਂ ਨੇ ਇਨਸਾਫ਼ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ। ਇਸ ਸਬੰਧੀ ਮ੍ਰਿਤਕ ਸਾਹਿਬ ਸਿੰਘ ਵਾਸੀ ਪਿੰਡ ਚੁੱਗ (ਅੰਮ੍ਰਿਤਸਰ) ਦੇ ਪਿਤਾ ਕਾਹਨ ਸਿੰਘ ਦੀ ਸ਼ਿਕਾਇਤ ’ਤੇ ਸੁਪਰੀਮ ਕੋਰਟ ਨੇ ਸਾਲ 1995 ਵਿੱਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਸੀ। ਸੀਬੀਆਈ ਨੇ ਮੁੱਢਲੀ ਜਾਂਚ ਵਿੱਚ ਉਕਤ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰੇ ਜਾਣ ਦੀ ਪੁਸ਼ਟੀ ਕਰਦਿਆਂ ਦੋਵੇਂ ਪੁਲੀਸ ਅਫ਼ਸਰਾਂ ਨੂੰ ਇਸ ਮੁਕਾਬਲੇ ਲਈ ਜ਼ਿੰਮੇਵਾਰ ਮੰਨਦੇ ਹੋਏ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਕੇਸ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਆਰ ਕੇ ਗੁਪਤਾ ਦੀ ਅਦਾਲਤ ਵਿੱਚ ਚੱਲ ਰਹੀ ਸੀ। ਅਦਾਲਤ ਨੇ 16 ਅਗਸਤ ਨੂੰ ਸਾਬਕਾ ਡੀਐਸਪੀ ਕ੍ਰਿਸ਼ਨ ਸਿੰਘ ਅਤੇ ਸਾਬਕਾ ਸਬ ਇੰਸਪੈਕਟਰ ਤਰਸੇਮ ਲਾਲ ਖ਼ਿਲਾਫ਼ ਦੋਸ਼ ਤੈਅ ਕੀਤੇ ਸਨ। ਮ੍ਰਿਤਕ ਨੌਜਵਾਨ ਸਾਹਿਬ ਸਿੰਘ ਦੇ ਵੱਡੇ ਭਰਾ ਸਰਤਾਜ ਸਿੰਘ ਅਤੇ ਮ੍ਰਿਤਕ ਬਲਵਿੰਦਰ ਸਿੰਘ ਦੇ ਭਤੀਜੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਤਿੰਨ ਦਹਾਕੇ ਬਾਅਦ ਇਨਸਾਫ਼ ਮਿਲਿਆ ਹੈ।