ਲਖਨਪਾਲ ਸਿੰਘ/ਜਗਤਾਰ ਸਿੰਘ ਛਿੱਤ
ਮਜੀਠਾ/ਜੈਂਤੀਪੁਰ, 27 ਜਨਵਰੀ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮਜੀਠਾ ਹਲਕੇ ਦੇ ਪਿੰਡ ਕੱਥੂਨੰਗਲ ਵਿਚ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੀ ਹਮਾਇਤ ਵਿਚ ਜਨਤਕ ਇਕੱਠ ਨੂੰ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਆਡੀਓ ਟੇਪਾਂ ਰਾਹੀਂ ਸਾਬਤ ਹੋ ਗਿਆ ਹੈ ਕਿ ਸਾਬਕਾ ਡੀਜੀਪੀ ਸਿੱਧਾਰਥ ਚਟੋਪਾਧਿਆਏ ਨੇ ਮਜੀਠੀਆ ਖ਼ਿਲਾਫ਼ ਨਸ਼ਿਆਂ ਦਾ ਝੂਠਾ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ ਜਿਸ ਦਾ ਮਕਸਦ ਉਸ ਨੂੰ ਚੋਣਾਂ ਲੜਨ ਤੋਂ ਰੋਕਣਾ ਸੀ। ਸ੍ਰੀ ਬਾਦਲ ਨੇ ਕਿਹਾ ਕਿ ਉਹ ਮਜੀਠਾ ਹਲਕੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਇਸ ਸਾਜ਼ਿਸ਼ ਨੂੰ ਅਸਫਲ ਬਣਾ ਦੇਣ। ਹੁਣ ਲੋਕਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਮਜੀਠੀਆ ਨਾਲ ਹੋਏ ਅਨਿਆ ਦਾ ਬਦਲਾ ਆਪ ਚੋਣਾਂ ਦੀ ਜ਼ਿੰਮੇਵਾਰੀ ਸੰਭਾਲ ਕੇ ਲੈਣ ਤੇ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਸਿੱਧੂ ਦੀ ਤਿੱਕੜੀ ਨੂੰ ਕਰਾਰਾ ਜਵਾਬ ਦੇਣ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਗੱਠਜੋੜ 80 ਤੋਂ ਜ਼ਿਆਦਾ ਸੀਟਾਂ ਲੈ ਕੇ ਸਪੱਸ਼ਟ ਬਹੁਮਤ ਹਾਸਲ ਕਰੇਗਾ। ਉਨ੍ਹਾਂ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਇਸ ਵਾਰ ਸੂਬੇ ਵਿੱਚ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਸਰਕਾਰ ਬਣੇਗੀ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਨੂੰ ਮਾਲਵਾ ਵਿੱਚੋਂ ਸਿਰਫ ਪੰਜ ਸੀਟਾਂ ਮਿਲਣਗੀਆਂ ਤੇ ਕਾਂਗਰਸ ਦਾ ਮੁਕੰਮਲ ਸਫਾਇਆ ਹੋ ਜਾਵੇਗਾ।
ਹਰਸਿਮਰਤ ਕੌਰ ਬਾਦਲ ਨੇ ਵੀ ਕੀਤਾ ਸੰਬੋਧਨ
ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਭਾਵੁਕ ਤਕਰੀਰ ਕੀਤੀ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਉਹ ਤਕੜੇ ਹੋ ਕੇ ਪਹਿਲਾਂ ਨਾਲੋਂ ਵੀ ਵੱਧ ਵੋਟਾਂ ਦੇ ਫਰਕ ਨਾਲ ਮਜੀਠੀਆ ਨੂੰ ਜਿਤਾਉਣ। ਇਸ ਤੋਂ ਬਾਅਦ ਉਹ ਹਲਕੇ ਦੇ ਲੋਕਾਂ ਦੀ ਹਮੇਸ਼ਾ ਰਿਣੀ ਰਹੇਗੀ। ਇਸ ਮੌਕੇ ਭਗਵੰਤ ਸਿੰਘ ਸਿਆਲਕਾ, ਸੰਤੋਖ ਸਿੰਘ ਸਮਰਾ, ਰਣਜੀਤ ਸਿੰਘ ਵਰਿਆਮ, ਪ੍ਰਭਪਾਲ ਸਿੰਘ ਝੰਡੇ, ਜਸਪਾਲ ਸਿੰਘ ਭੋਆ, ਸਤਨਾਮ ਸਿੰਘ ਅਬਦਾਲ ਅਤੇ ਹੋਰ ਅਕਾਲੀ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।