ਪੱਤਰ ਪ੍ਰੇਰਕ
ਤਪਾ ਮੰਡੀ, 21 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਿੰਡ ਮਹਿਤਾ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਲਗਾਤਾਰ ਸਾਲ ਭਰ ਬੜੇ ਹੀ ਉਤਸ਼ਾਹ ਅਤੇ ਗੁਰਮਰਿਆਦਾ ਅਨੁਸਾਰ ਜਾਰੀ ਰੱਖੇ ਜਾਣਗੇ। ਇਹ ਨਿਰੋਲ ਧਾਰਮਿਕ ਸਮਾਗਮ ਹੋਣਗੇ, ਜਿਨ੍ਹਾਂ ਵਿੱਚ ਸਿੱਖ ਪੰਥ ਦੇ ਉਘੇ ਵਿਦਵਾਨ ਸਿੱਖ ਧਰਮ ਅਤੇ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਤਿਹਾਸ ਸ਼ਾਨਾਮੱਤਾ ਰਿਹਾ ਹੈ। ਕਮੇਟੀ ਨੇ ਇੱਕ ਸਦੀ ਦੌਰਾਨ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਗੌਰਵਸ਼ਾਲੀ ਪ੍ਰਾਪਤੀਆਂ ਕੀਤੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਭਾਜਪਾ ਦੇ ਕੌਮੀ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਕੀਤੀਆਂ ਗਈਆਂ ਗੈਰ-ਇਖ਼ਲਾਕੀ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦਾ ਸਿੱਖ ਧਰਮ ਵਿੱਚ ਰੁਤਬਾ ਸਰਵੋਤਮ ਹੈ। ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਕਿਸੇ ਤਰ੍ਹਾਂ ਦੀ ਵੀ ਗ਼ਲਤ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਤੀ ਕੋਈ ਗਲਤ ਟਿੱਪਣੀ ਕਰਨ ਦਾ ਵੀ ਕਿਸੇ ਕੋਲ ਕੋਈ ਅਧਿਕਾਰ ਨਹੀਂ ਹੈ। ਇਸ ਮੌਕੇ ਬੇਅੰਤ ਸਿੰਘ ਮਾਂਗਟ, ਰਾਕੇਸ਼ ਟੋਨਾ, ਉਗਰ ਮੌੜ, ਸਾਬਕਾ ਸਰਪੰਚ ਰਾਮ ਸਿੰਘ ਮਹਿਤਾ, ਜਥੇਦਾਰ ਗੁਰਤੇਜ ਸਿੰਘ ਧੌਲਾ, ਸਰਪੰਚ ਦਰਸ਼ਨ ਸਿੰਘ ਹਾਜ਼ਰ ਸਨ।