ਅਸ਼ਵਨੀ ਗਰਗ
ਸਮਾਣਾ, 10 ਫਰਵਰੀ
ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਆਪਣੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁੜ ਸੱਤਾ ਹਾਸਲ ਕਰਨ ਦੀ ਲੜਾਈ ਵਿਚ ਹੁਣ ਚੋਣ ਮੈਦਾਨ ਵਿਚ ਨਿੱਤਰ ਆਏ ਹਨ। ਜਦੋਂਕਿ ਇਸ ਤੋਂ ਪਹਿਲਾਂ ਉਹ ਅੰਦਰਖਾਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੀ ਮਦਦ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨਾਲੋਂ ਪਹਿਲਾਂ ਆਪਣੇ ਪਰਿਵਾਰ ਨਾਲ ਖੜ੍ਹੇ ਹਨ ਤੇ ਪਰਿਵਾਰ ਤੋਂ ਉੱਪਰ ਕੋਈ ਨਹੀਂ। ਉਹ ਸਮਾਣਾ ਵਿੱਚ ਦਿਨੇਸ਼ ਕੁਮਾਰ ਜੈਨ ਦੇ ਘਰ ਪੁੱਜੇ। ਉਨ੍ਹਾਂ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਸਮਾਣਾ ਤੋਂ ਉਮੀਦਵਾਰ ਸੁਰਿੰਦਰ ਖੇੜਕੀ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਸ ਤੋਂ ਬਾਅਦ ਉਨ੍ਹਾਂ ਕਈ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਸੁਰਿੰਦਰ ਖੇੜਕੀ ਦੀ ਸਹਾਇਤਾ ਕਰਨ ਲਈ ਕਿਹਾ।
ਪ੍ਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਹਨ ਪਰ ਉਨ੍ਹਾਂ ਦਾ ਪਰਿਵਾਰ ਪਾਰਟੀ ਤੋਂ ਵੱਖ ਹੋ ਚੁੱਕਾ ਹੈ, ਉਨ੍ਹਾਂ ਲਈ ਆਪਣਾ ਪਰਿਵਾਰ ਸਭ ਤੋਂ ਪਹਿਲਾਂ ਹੈ ਤੇ ਪਰਿਵਾਰ ਤੋਂ ਉੱਪਰ ਪਾਰਟੀ ਨਹੀਂ ਹੋ ਸਕਦੀ। ਉਨ੍ਹਾਂ ਕਾਂਗਰਸ ਹਾਈਕਮਾਨ ਵੱਲੋਂ ਭੇਜੇ ਕਾਰਨ ਦੱਸੋ ਨੋਟਿਸ ਸਬੰਧੀ ਪੁੱਛੇ ਜਾਣ ’ਤੇ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਕੋਈ ਵੀ ਨੋਟਿਸ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਉਹ ਚੋਣਾਂ ਵਿਚ ਕਿਸੇ ਦੀ ਹਮਾਇਤ ਕਰਨ ਪੁੱਜੇ ਹਨ।
ਆਰੂਸਾ ਆਲਮ ਦੇ ਬਿਆਨ ਨੂੰ ਗਲਤ ਦਰਸਾਇਆ
ਪ੍ਰਨੀਤ ਕੌਰ ਪਾਸੋਂ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਆਰੂਸਾ ਆਲਮ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਕਮਜ਼ੋਰ ਮੁੱਖ ਮੰਤਰੀ ਕਹਿਣ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਆਰੂਸਾ ਆਲਮ ਨੂੰ ਇਸ ਸਬੰਧੀ ਬੋਲਣ ਦਾ ਕੋਈ ਅਧਿਕਾਰ ਨਹੀਂ। ਦੂਜੇ ਪਾਸੇ ਕਾਂਗਰਸੀ ਉਮੀਦਵਾਰ ਕਾਕਾ ਰਾਜਿੰਦਰ ਸਿੰਘ ਨੇ ਕਿਹਾ ਕਿ ਪ੍ਰਨੀਤ ਕੌਰ ਅੰਦਰਖਾਤੇ ਪੀਐਲਸੀ ਤੇ ਭਾਜਪਾ ਦੀ ਮਦਦ ਕਰਨ ਦੀ ਥਾਂ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਖੁੱਲ੍ਹ ਕੇ ਚੋਣ ਮੈਦਾਨ ਵਿਚ ਆਉਣ। ਉਨ੍ਹਾਂ ਕਿਹਾ ਕਿ ਹਲਕੇ ਤੇ ਪੰਜਾਬ ਦੇ ਲੋਕ ਹੁਣ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ।