ਜਸਵੰਤ ਜੱਸ
ਫ਼ਰੀਦਕੋਟ, 22 ਮਈ
ਸਥਾਨਕ ਸ਼ਹੀਦ ਬਲਵਿੰਦਰ ਸਿੰਘ ਨਗਰ ਦੇ ਇੱਕ ਪਰਿਵਾਰ ਨੇ ਪੁਲੀਸ ਵੱਲੋਂ ਜਾਰੀ ਕੀਤੇ ਨੰਬਰ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਸੂਚਨਾ ਦਿੱਤੀ, ਪਰ ਮੁਲਜ਼ਮਾਂ ਨੇ ਹਿਰਾਸਤ ’ਚੋਂ ਬਾਹਰ ਆ ਕੇ ਸ਼ਿਕਾਇਤਕਰਤਾ ਪਰਿਵਾਰ ਦੀ ਕੁੱਟਮਾਰ ਕਰ ਦਿੱਤੀ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲੀਸ ਮੁਖੀ ਨੇ ਇਕ ਦਿਨ ਪਹਿਲਾਂ ਹੀ ਵ੍ਹੱਟਸਐਪ ਨੰਬਰ ਜਾਰੀ ਕਰਕੇ ਲੋਕਾਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਜਾਣਕਾਰੀ ਦੇਣ ਦੀ ਅਪੀਲ ਕੀਤੀ ਸੀ। ਉਕਤ ਪਰਿਵਾਰ ਵੱਲੋਂ ਇਸ ਨੰਬਰ ’ਤੇ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਪਰ ਕੁਝ ਸਮੇਂ ਬਾਅਦ ਸੀਆਈਏ ਸਟਾਫ ਫ਼ਰੀਦਕੋਟ ਨੇ ਮੁਲਜ਼ਮਾਂ ਨੂੰ ਰਿਹਾਅ ਕਰ ਦਿੱਤਾ।
ਰਿਹਾਅ ਹੋ ਕੇ ਆਏ ਨੌਜਵਾਨਾਂ ਨੇ ਕਥਿਤ ਸ਼ਿਕਾਇਤਕਰਤਾ ਪਰਿਵਾਰ ’ਤੇ ਹਮਲਾ ਕੀਤਾ। ਉਨ੍ਹਾਂ ਪਰਿਵਾਰ ਦੀਆਂ ਦੋ ਔਰਤਾਂ ਨਾਲ ਬਦਸਲੂਕੀ ਕੀਤੀ ਤੇ ਉਨ੍ਹਾਂ ਦੇ ਕਥਿਤ ਕੱਪੜੇ ਵੀ ਪਾੜ ਦਿੱਤੇ। ਥਾਣਾ ਸਿਟੀ ਫ਼ਰੀਦਕੋਟ ਦੇ ਐੱਸਐੱਚਓ ਸੰਦੀਪ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਲਿਖਤੀ ਸ਼ਿਕਾਇਤ ਮਿਲਣ ਤੋਂ ਬਾਅਦ ਸਿਟੀ ਪੁਲੀਸ ਫ਼ਰੀਦਕੋਟ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਹਾਲੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਪੁਲੀਸ ਨੇ ਨਸ਼ਾ ਵੇਚਣ ਵਾਲੇ ਨੌਜਵਾਨਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਸਗੋਂ ਉਨ੍ਹਾਂ ਨੂੰ ਸ਼ਿਕਾਇਤ ਕਰਨ ਵਾਲਿਆਂ ਦੀ ਪਛਾਣ ਦੱਸ ਦਿੱਤੀ।
ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਗੁੰਡਾਗਰਦੀ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਤੇ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਵਾਲੇ ਅਧਿਕਾਰੀਆਂ ਦੀ ਵੀ ਪੁੱਛ ਪੜਤਾਲ ਹੋਵੇਗੀ। ਮੁਹੱਲੇ ਦੇ ਐੱਮਸੀ ਕਮਲਜੀਤ ਸਿੰਘ ਨੇ ਦੋਸ਼ ਲਾਇਆ ਕਿ ਪੁਲੀਸ ਨਸ਼ਾ ਤਸਕਰਾਂ ਖ਼ਿਲਾਫ਼ ਢੁੱਕਵੀਂ ਕਾਰਵਾਈ ਨਹੀਂ ਕਰ ਰਹੀ। ਇਸ ਸਬੰਧੀ ਐੱਸਐੱਚਓ ਨੇ ਕਿਹਾ ਹੈ ਕਿ ਉਨ੍ਹਾਂ ਨੇ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲੇ ਕਿਸੇ ਵੀ ਵਿਅਕਤੀ ਦਾ ਨਾਮ ਜਨਤਕ ਨਹੀਂ ਕੀਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਇਸ ਲੜਾਈ ਦਾ ਕੋਈ ਕਾਰਨ ਵੀ ਹੋ ਸਕਦਾ ਹੈ।