ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 16 ਫਰਵਰੀ
ਇਥੇ ਸਾਲ 2018 ਵਿੱਚ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਦੌਰਾਨ ਵੱਡੀ ਗਿਣਤੀ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਦੂਜੀ ਵਾਰ ਪੂਰਬੀ ਹਲਕੇ ਤੋਂ ਚੋਣ ਲੜ ਰਹੇ ਨਵਜੋਤ ਸਿੰਘ ਸਿੱਧੂ ਨੂੰ ਵੋਟਾਂ ਪਾਉਣ ਬਾਰੇ ਖੁੱਲ੍ਹ ਕੇ ਗੱਲ ਨਹੀਂ ਕਰ ਰਹੇ। ਸਰਕਾਰ ਨੇ ਜਾਨਾਂ ਗਵਾ ਚੁੱਕੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪਿਛਲੇ ਸਾਲ ਨੌਕਰੀਆਂ ਦੇਣ ਦੀ ਪੇਸ਼ਕਸ਼ ਕੀਤੀ ਸੀ। ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਨੌਕਰੀਆਂ ਬੜੀ ਜੱਦੋਜਹਿਦ ਮਗਰੋਂ ਮਿਲੀਆਂ ਹਨ। ਹਾਦਸੇ ਦੇ ਕੁਝ ਪੀੜਤਾਂ ਨਾਲ ਜਦੋਂ ਵੋਟਾਂ ਬਾਰੇ ਗੱਲਬਾਤ ਕੀਤੀ ਤਾਂ ਉਨ੍ਹਾਂ ਸਿੱਧੂ ਖ਼ਿਲਾਫ਼ ਰੋਸ ਜ਼ਾਹਿਰ ਕੀਤਾ।
ਪੀੜਤ ਕਵਿਤਾ ਨੇ ਕਿਹਾ ਕਿ ਉਸ ਦਾ 18 ਸਾਲਾ ਪੁੱਤਰ ਦੀਪਕ ਇਸ ਹਾਦਸੇ ਦਾ ਸ਼ਿਕਾਰ ਹੋਇਆ ਸੀ ਅਤੇ ਸਰਕਾਰ ਨੇ ਤਰਸ ਦੇ ਆਧਾਰ ’ਤੇ ਉਸ ਨੂੰ ਨੌਕਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਹ ਨੌਕਰੀ ਕੋਈ ਸੌਖੀ ਨਹੀਂ ਮਿਲੀ। ਨਵਜੋਤ ਸਿੱਧੂ ਨੇ ਉਨ੍ਹਾਂ ਨਾਲ ਨੌਕਰੀ ਦਿਵਾਉਣ ਦਾ ਵਾਅਦਾ ਕੀਤਾ ਸੀ ਪਰ ਉਹ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਦਾ ਸਾਰਾ ਪਰਿਵਾਰ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਿਹਾ ਹੈ ਪਰ ਕਿਸੇ ਨੇ ਵੀ ਹਾਦਸਾ ਪੀੜਤਾਂ ਦੀ ਸਾਰ ਲੈਣ ਦੀ ਖੇਚਲ ਨਹੀਂ ਕੀਤੀ।
ਰਾਜੇਸ਼ ਕੁਮਾਰ ਨੇ ਕਿਹਾ ਕਿ ਉਸ ਦਾ ਪਿਤਾ ਬਲਦੇਵ ਰਾਜ ਵੀ ਰੇਲ ਹਾਦਸੇ ਦੌਰਾਨ ਜ਼ਖਮੀ ਹੋਇਆ ਸੀ ਪਰ ਉਸ ਦਾ ਨਾਂ ਪੀੜਤਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਇਕ ਬਿਰਧ ਔਰਤ ਨੇ ਕਿਹਾ ਕਿ ਉਸ ਦਾ 25 ਸਾਲਾ ਪੁੱਤਰ ਵੀ ਇਸ ਹਾਦਸੇ ਵਿੱਚ ਮਾਰਿਆ ਗਿਆ ਸੀ। ਸਾਰਾ ਪਰਿਵਾਰ ਉਦੋਂ ਤੋਂ ਹੀ ਮੁਸੀਬਤਾਂ ਵਿੱਚ ਘਿਰਿਆ ਹੋਇਆ ਹੈ ਪਰ ਕਿਸੇ ਨੇ ਸਾਰ ਨਹੀਂ ਲਈ। ਜੌੜਾ ਫਾਟਕ ਨੇੜਲੇ ਇਲਾਕੇ ਦੇ ਵਾਸੀ ਵਿਜੈ ਕੁਮਾਰ ਨੇ ਕਿਹਾ ਕਿ ਉਸ ਦਾ 19 ਸਾਲਾ ਪੁੱਤਰ ਵੀ ਇਸ ਹਾਦਸੇ ਵਿੱਚ ਮਾਰਿਆ ਗਿਆ ਸੀ, ਇਕ ਮੈਂਬਰ ਨੂੰ ਨੌਕਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਕਦੇ ਇੱਥੇ ਨਹੀਂ ਆਇਆ।