ਪਿੰਡ ਮਾਣਕੀ ਵਿੱਚ ਸੋਮਵਾਰ ਰਾਤ ਗੋਲੀਆਂ ਨਾਲ ਮਾਰੇ ਕਬੱਡੀ ਖਿਡਾਰੀ ਗੁਰਿੰਦਰ ਸਿੰਘ ਉਰਫ਼ ਕਿੰਦਾ (23) ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਅੱਜ ਉਸ ਦੇ ਪਰਿਵਾਰ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਸ਼ਹਿਰ ਦੇ ਮੁੱਖ ਚੌਕ ਵਿੱਚ ਧਰਨਾ ਦਿੱਤਾ। ਪ੍ਰਦਰਸ਼ਨ ਕਰ ਰਹੇ ਪਰਿਵਾਰ ਨੇ ਪਹਿਲਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਨਾ ਕਰਵਾਉਣ ਦਾ ਐਲਾਨ ਕੀਤਾ ਸੀ ਪਰ ਪੁਲੀਸ ਵੱਲੋਂ ਦਿੱਤੇ ਭਰੋਸੇ ਮਗਰੋਂ ਉਹ ਇਸ ਲਈ ਰਾਜ਼ੀ ਹੋ ਗਿਆ।
ਮੌਕੇ ’ਤੇ ਪਹੁੰਚੇ ਪੁਲੀਸ ਅਧਿਕਾਰੀਆਂ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ। ਮੁੱਖ ਮੁਲਜ਼ਮਾਂ ਦੇ 10 ਮਦਦਗਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਫ਼ਰਾਰ ਹੋਏ ਚਾਰ ਮੁੱਖ ਮੁਲਜ਼ਮਾਂ ਤੇ ਉਨ੍ਹਾਂ ਦੇ ਅਣਪਛਾਤੇ ਸਾਥੀ ਦੀ ਭਾਲ ਲਈ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ 7 ਵੱਖ-ਵੱਖ ਪੁਲੀਸ ਟੀਮਾਂ ਬਣਾਈਆਂ ਗਈਆਂ ਹਨ, ਜੋ ਲਗਾਤਾਰ ਛਾਪੇ ਮਾਰ ਰਹੀਆਂ ਹਨ। ਪੁਲੀਸ ਵੱਲੋਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਭਰੋਸੇ ਤੋਂ ਬਾਅਦ ਪਰਿਵਾਰ ਨੇ ਧਰਨਾ ਸਮਾਪਤ ਕਰ ਦਿੱਤਾ। ਪਰਿਵਾਰ ਪੋਸਟਮਾਰਟਮ ਕਰਵਾਉਣ ਲਈ ਵੀ ਸਹਿਮਤ ਹੋ ਗਿਆ ਹੈ ਅਤੇ ਇਹ ਕਾਰਵਾਈ ਭਲਕੇ ਛੇ ਨਵੰਬਰ ਤੱਕ ਮੁਕੰਮਲ ਹੋ ਸਕਦੀ ਹੈ। ਇਸ ਮੌਕੇ ਧਰਨੇ ਵਿੱਚ ਸ਼ਾਮਲ ਮ੍ਰਿਤਕ ਨੌਜਵਾਨ ਦੀ ਦਾਦੀ ਅਤੇ ਭੈਣਾਂ ਨੇ ਕਿਹਾ, ‘ਸਾਡੇ ਬੱਚੇ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਹ ਤਾਂ ਪਿੰਡ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਲਈ ਸੇਵਾ ਕਰਕੇ ਕੁਝ ਹੋਰ ਨੌਜਵਾਨਾਂ ਨਾਲ ਘਰ ਪਰਤ ਰਿਹਾ ਸੀ ਕਿ ਉਸ ਦੀ ਹੱਤਿਆ ਕਰ ਦਿੱਤੀ ਗਈ। ਦੇਰ ਸ਼ਾਮ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।

