ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 1 ਅਕਤੂਬਰ
ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਵਿਭਾਗ ਦੇ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਸੇਵਾਮੁਕਤੀ ਮੌਕੇ ਵਿਦਾਇਗੀ ਦਿੱਤੀ ਗਈ। ਉਨ੍ਹਾਂ ਨੇ ਵਿਭਾਗ ਵਿੱਚ ਤਕਰੀਬਨ 25 ਸਾਲ ਸੇਵਾਵਾਂ ਨਿਭਾਈਆਂ। ਪੰਜਾਬ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੁਮੀਤ ਜਾਰੰਗਲ ਅਤੇ ਹੋਰਾਂ ਨੇ ਡਾ. ਹਮਦਰਦ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਹਮਦਰਦ ਦੀ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਨ੍ਹਾਂ ਦੇ ਸਾਥੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਪੂਰੇ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਡਾ. ਹਮਦਰਦ ਨੇ ਵਿਭਾਗ ਵਿੱਚ ਆਪਣੇ ਪੇਸ਼ੇਵਰ ਤਜਰਬੇ ਨੌਜਵਾਨ ਅਧਿਕਾਰੀਆਂ ਨਾਲ ਸਾਂਝੇ ਕੀਤੇ ਅਤੇ ਆਪਣੇ ਕਰੀਅਰ ਦੌਰਾਨ ਮਾਰਗ ਦਰਸ਼ਨ ਕਰਨ ਲਈ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕੀਤਾ। ਡਾ. ਹਮਦਰਦ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਧੀਕ ਸਕੱਤਰ ਡਾ. ਸੇਨੂ ਦੁੱਗਲ, ਜੁਆਇੰਟ ਡਾਇਰੈਕਟਰ (ਐਡਮਿਨ) ਗੋਪਾਲ ਸਿੰਘ, ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ ਤੋਂ ਇਲਾਵਾ ਜੁਆਇੰਟ ਡਾਇਰੈਕਟਰ, ਡਿਪਟੀ ਡਾਇਰੈਕਟਰ, ਆਈਪੀਆਰਓਜ਼, ਡੀਪੀਆਰਓਜ਼, ਏਪੀਆਰਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।