ਪੰਜਾਬ ਵਿੱਚ ਫਰੀਦਕੋਟ ਸਭ ਤੋਂ ਠੰਢਾ
ਆਤਿਸ਼ ਗੁਪਤਾ
ਪੰਜਾਬ ਵਿੱਚ ਠੰਢ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ। ਅੱਜ ਸੂਬੇ ਦੇ ਸਰਹੱਦੀ ਇਲਾਕੇ ਵਿੱਚ ਕੋਹਰਾ ਪਿਆ ਹੈ, ਜਿਸ ਨੇ ਤੜਕੇ ਲੋਕਾਂ ਨੂੰ ਕੰਬਣੀ ਛੇੜੀ ਰੱਖੀ। ਇਸ ਦੇ ਨਾਲ ਹੀ ਵਧ ਰਹੀ ਠੰਢ ਕਰਕੇ ਲੋਕਾਂ ਨੂੰ ਸਵੇਰ ਤੇ ਰਾਤ ਸਮੇਂ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਪੰਜਾਬ ਲਗਾਤਾਰ ਦੂਜੇ ਦਿਨ ਸ਼ਿਮਲਾ ਨਾਲੋਂ ਵੱਧ ਠੰਢਾ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ ਸ਼ਿਮਲਾ ਦੇ ਮੁਕਾਬਲੇ 5 ਡਿਗਰੀ ਸੈਲਸੀਅਸ ਘੱਟ ਦਰਜ ਹੋਇਆ। ਪੰਜਾਬ ਵਿੱਚ ਅੱਜ ਫਰੀਦਕੋਟ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ, ਜਿੱਥੇ ਘੱਟੋੋ-ਘੱਟ ਤਾਪਮਾਨ 2 ਡਿਗਰੀ ਦਰਜ ਕੀਤਾ ਗਿਆ ਜਦੋਂ ਕਿ ਸ਼ਿਮਲਾ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਦਰਜ ਹੋਇਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 1 ਤੇ 2 ਦਸੰਬਰ ਨੂੰ ਪੰਜਾਬ ਵਿੱਚ ਠੰਢ ਹੋਰ ਵਧਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਾਮੀ ਦਿਨਾਂ ਵਿੱਚ ਠੰਢੀਆਂ ਹਵਾਵਾਂ ਚੱਲਣਗੀਆਂ, ਜਿਸ ਕਰਕੇ ਤਾਪਮਾਨ ਵਿੱਚ ਹੋਰ ਵੀ ਗਿਰਾਵਟ ਦਰਜ ਕੀਤੀ ਜਾਵੇਗੀ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਦਿਨਾਂ ਦੇ ਮੁਕਾਬਲੇ ਰਾਤਾਂ ਵਧੇਰੇ ਠੰਢੀਆਂ ਹਨ। ਪੰਜਾਬ ਦੇ ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 1 ਤੋਂ 3 ਡਿਗਰੀ ਘੱਟ ਹੈ।
