ਪੰਜਾਬ ’ਚ ਸਭ ਤੋਂ ਵੱਧ ਠੰਢਾ ਰਿਹਾ ਫ਼ਰੀਦਕੋਟ
ਮੌਸਮ ਵਿਭਾਗ ਵੱਲੋਂ ਧੁੰਦ ਦੀ ਪੇਸ਼ੀਨਗੋਈ; ਘੱਟ ਤੋਂ ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ
ਪੰਜਾਬ ਅਤੇ ਹਰਿਆਣਾ ਵਿੱਚ ਸੀਤ ਲਹਿਰ ਕਾਰਨ ਠੰਢ ਹੋਰ ਵੱਧ ਗਈ ਹੈ ਅਤੇ ਤਾਪਮਾਨ ਵਿੱਚ ਵੀ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਪੰਜਾਬ ਦਾ ਫ਼ਰੀਦਕੋਟ ਅਤੇ ਹਰਿਆਣਾ ਦਾ ਸੋਨੀਪਤ ਸ਼ਹਿਰ ਸਭ ਤੋਂ ਵੱਧ ਠੰਢੇ ਰਹੇ। ਫ਼ਰੀਦਕੋਟ ਵਿੱਚ ਘੱਟ ਤੋਂ ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਅਤੇ ਸੋਨੀਪਤ ਵਿੱਚ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 12 ਤੋਂ 15 ਦਸੰਬਰ ਤੱਕ ਧੁੰਦ ਅਤੇ ਕੜਾਕੇ ਦੀ ਠੰਢ ਦੀ ਪੇਸ਼ੀਨਗੋਈ ਕੀਤੀ ਹੈ। ਹਾਲਾਂਕਿ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 12 ਦਸੰਬਰ ਨੂੰ ਪੰਜਾਬ ਦੇ ਉੱਤਰੀ-ਪੂਰਬੀ ਜ਼ਿਲ੍ਹਿਆਂ ਵਿੱਚ ਠੰਢ ਜ਼ੋਰ ਫੜੇਗੀ। ਇਸ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੋਪੜ, ਮੁਹਾਲੀ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 6.7 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 6.4 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 7.4 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 6.9 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 7.6 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 7 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 8 ਡਿਗਰੀ ਸੈਲਸੀਅਸ, ਫ਼ਿਰੋਜ਼ਪੁਰ ਵਿੱਚ 9.1 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 5.9 ਡਿਗਰੀ ਸੈਲਸੀਅਸ, ਮਾਨਸਾ ਵਿੱਚ 8.9 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 10.9 ਡਿਗਰੀ ਸੈਲਸੀਅਸ ਅਤੇ ਰੋਪੜ ਵਿੱਚ 6.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

