ਦਵਿੰਦਰ ਪਾਲ
ਚੰਡੀਗੜ੍ਹ 25 ਅਗਸਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੀ ਸੱਦੇ ’ਤੇ ਅੱਜ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਨੇ ਮਾਈਕਰੋਫਾਇਨਾਂਸ ਕੰਪਨੀਆਂ ਦੀ ਸੂਦਖੋਰੀ ਲੁੱਟ ਨੂੰ ਨੱਥ ਪਾਉਣ, ਖੇਤ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਅਤੇ ਬਿਜਲੀ ਬਿੱਲ ਮੁਆਫ਼ ਕਰਨ ਅਤੇ ਹੋਰ ਮੰਗਾਂ ਸਬੰਧੀ ਵੱਖ-ਵੱਖ ਥਾਵਾਂ ’ਤੇ ਕਾਂਗਰਸੀ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ।
ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਇਹ ਪ੍ਰਦਰਸ਼ਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਿੰਡ ਬਾਦਲ ਸਥਿਤ ਰਿਹਾਇਸ਼ ਤੇ ਬਠਿੰਡਾ ਵਿੱਚ ਉਸ ਦੇ ਦਫ਼ਤਰ ਅੱਗੇ ਕਰਨ ਤੋਂ ਇਲਾਵਾ ਲਹਿਰਾਗਾਗਾ ਵਿੱਚ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਫਰੀਦਕੋਟ ’ਚ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਮੋਗਾ ’ਚ ਵਿਧਾਇਕ ਹਰਜੋਤ ਕੰਵਲ ਤੇ ਜਲੰਧਰ ’ਚ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਮਲਸੀਹਾਂ ਸਥਿਤ ਰਿਹਾਇਸ਼ ਅੱਗੇ ਕੀਤੇ ਗਏ।
ਵੱਖ-ਵੱਖ ਥਾਈਂ ਜੁੜੇ ਇਕੱਠਾਂ ਨੂੰ ਸੂਬਾਈ ਆਗੂ ਗੁਰਪਾਲ ਸਿੰਘ ਨੰਗਲ, ਬਲਵੰਤ ਸਿੰਘ ਬਾਘਾਪੁਰਾਣਾ, ਮੇਜਰ ਸਿੰਘ ਕਾਲੇਕੇ, ਹਰਭਗਵਾਨ ਸਿੰਘ ਮੂਣਕ ਤੋਂ ਇਲਾਵਾ ਤਰਸੇਮ ਸਿੰਘ ਖੁੰਡੇ ਹਲਾਲ, ਤੀਰਥ ਸਿੰਘ ਕੋਠਾਗੁਰੂ, ਕਾਲਾ ਸਿੰਘ ਤੇ ਹਰਪਾਲ ਸਿੰਘ ਬਿੱਟਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸਰਕਾਰਾਂ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਕਾਰਨ 84 ਫੀਸਦੀ ਤੋਂ ਵਧੇਰੇ ਮਜ਼ਦੂਰ ਕਰੀਬ 91,000 ਰੁਪਏ ਪ੍ਰਤੀ ਪਰਿਵਾਰ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ। ਉਨ੍ਹਾਂ ਮਾਈਕ੍ਰੋਫਾਈਨਾਂਸ ਕੰਪਨੀਆਂ ਵੱਲੋਂ ਕਰਜ਼ਾ ਪੀੜਤ ਔਰਤਾਂ ਨੂੰ ਕਿਸ਼ਤਾਂ ਦੀ ਵਸੂਲੀ ਲਈ ਜਲੀਲ ਕਰਨ ਅਤੇ ਕਰਜ਼ਾ ਦੇਣ ਸਮੇਂ ਧੋਖੇ ਨਾਲ ਲਏ ਖਾਲੀ ਚੈੱਕਾਂ ਦੇ ਆਧਾਰ ’ਤੇ ਅਦਾਲਤੀ ਚੱਕਰਾਂ ’ਚ ਫਸਾ ਕੇ ਜੇਲ੍ਹ ਭੇਜਣ ਦੀਆਂ ਧਮਕੀਆਂ ਦੇਣ ਦੀ ਨਿਖੇਧੀ ਕੀਤੀ। ਮੁੱਖ ਮੰਤਰੀ ਦੇ ਨਾਂ ਭੇਜੇ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕਰਕੇ ਭਵਿੱਖ ਲਈ ਬਿਨਾਂ ਵਿਆਜ਼ ਲੰਮੀ ਮਿਆਦ ਦੇ ਕਰਜ਼ੇ ਦਿੱਤੇ ਜਾਣ, ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਰੰਟੀ ਦਿੱਤੀ ਜਾਵੇ, ਬਿਜਲੀ ਸੋਧ ਬਿੱਲ 2020 ਸਮੇਤ ਤਿੰਨੇ ਖੇਤੀ ਆਰਡੀਨੈਂਸ ਰੱਦ ਕੀਤੇ ਜਾਣ ਤੇ ਕਵੀ ਵਰਵਰਾ ਰਾਓ ਸਮੇਤ ਗ੍ਰਿਫ਼ਤਾਰ ਬੁੱਧੀਜੀਵੀਆਂ ਨੂੰ ਰਿਹਾਅ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਪਿੰਡ ਦੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਲੰਬੀ ਥਾਣੇ ਅੱਗੇ ਧਰਨਾ ਦੇਣ ਵਾਲੇ ਜਨਤਕ ਆਗੂਆਂ ਸਮੇਤ ਵੱਖ-ਵੱਖ ਥਾਵਾਂ ’ਤੇ ਸੰਘਰਸ਼ ਕਰਨ ਵਾਲੇ ਆਗੂਆਂ ’ਤੇ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਗਈ।